Breaking- CJP ਦੇ ਪ੍ਰਦਰਸ਼ਨ ਦੇ ਐਲਾਨ ਮਗਰੋਂ ਦਿੱਲੀ ਹਾਈ ਅਲਰਟ ’ਤੇ, 150 ਪ੍ਰਦਰਸ਼ਨਕਾਰੀ ਹਿਰਾਸਤ ’ਚ
ਜੰਤਰ-ਮੰਤਰ ’ਤੇ ਧਰਨੇ ਦੀ ਇਜਾਜ਼ਤ ਨਹੀਂ; 45 ਮੈਟਰੋ ਸਟੇਸ਼ਨ ਬੰਦ, ਸਰਹੱਦਾਂ ’ਤੇ ਸਖ਼ਤ ਚੌਕਸੀ
ਨਵੀਂ ਦਿੱਲੀ, 10 ਅਕਤੂਬਰ 2026: ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਬਾਵਜੂਦ ਪ੍ਰਦਰਸ਼ਨ ਦੀ ਸੰਭਾਵਨਾ ਨੂੰ ਦੇਖਦਿਆਂ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।
ਪੁਲਿਸ ਅਨੁਸਾਰ, ਹੁਣ ਤੱਕ ਲਗਭਗ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੇ ਨਾਲ ਹੀ ਰਾਜਧਾਨੀ ਦੇ 45 ਮੈਟਰੋ ਸਟੇਸ਼ਨ ਬੰਦ ਕੀਤੇ ਜਾਣ ਅਤੇ ਕੁਝ ਖੇਤਰਾਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਦਿੱਲੀ ਦੀਆਂ ਸਰਹੱਦਾਂ ’ਤੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਖ਼ਾਸ ਤੌਰ ’ਤੇ ਦਿੱਲੀ-ਗਾਜ਼ੀਆਬਾਦ ਸਰਹੱਦ ’ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਸਰਹੱਦੀ ਰਸਤਿਆਂ ’ਤੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪ੍ਰਦਰਸ਼ਨਕਾਰੀਆਂ ਦੇ ਦਿੱਲੀ ਵਿੱਚ ਦਾਖ਼ਲੇ ਨੂੰ ਰੋਕਿਆ ਜਾ ਸਕੇ। ਸੁਰੱਖਿਆ ਬਲਾਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ CJP ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸਆਈਆਰ (SIR) ਨਾਲ ਸਬੰਧਤ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੈ।







