‘ਐਮਰਜੈਂਸੀ ਤੋਂ ਵੀ ਮਾੜੇ ਹਾਲਾਤ, ਦੇਸ਼ ਵਿੱਚ ਤਾਨਾਸ਼ਾਹੀ’: ਕੇਜਰੀਵਾਲ ਦਾ ਮੋਦੀ ਸਰਕਾਰ ’ਤੇ ਤਿੱਖਾ ਹਮਲਾ
ਨਵੀਂ ਦਿੱਲੀ, 10 ਅਕਤੂਬਰ 2026- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਤੋਂ ਪਹਿਲਾਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਅਤੇ ਕਥਿਤ ਹਿਰਾਸਤਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਐਮਰਜੈਂਸੀ ਤੋਂ ਵੀ ਮਾੜੇ ਹਾਲਾਤ ਬਣ ਗਏ ਹਨ ਅਤੇ ਤਾਨਾਸ਼ਾਹੀ ਵਾਲਾ ਮਾਹੌਲ ਹੈ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਆਪਣੀ ਪੋਸਟ ਵਿੱਚ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚੋਂ ਉਤਰਦੇ ਹੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣਾ ਸਰਕਾਰ ਦੇ ਡਰ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਉਠਾਉਂਦਿਆਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਵੀ ਸਵਾਲ ਖੜ੍ਹੇ ਕੀਤੇ।
ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਵੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਨੇ ਬੇਰੁਜ਼ਗਾਰੀ ਅਤੇ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ’ਤੇ ਚਿੰਤਾ ਪ੍ਰਗਟਾਈ।
ਕਾਰਤੀ ਚਿਦੰਬਰਮ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਚੋਣ ਕਮਿਸ਼ਨ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਅਗਲੀ ਰਣਨੀਤੀ ਤੈਅ ਕਰੇਗਾ। ਉਨ੍ਹਾਂ ਅਨੁਸਾਰ, ਵਿਰੋਧੀ ਧਿਰ ਚੋਣ ਸੂਚੀਆਂ ਅਤੇ ਵਿਸ਼ੇਸ਼ ਗਹਿਰੀ ਸੋਧ (ਐੱਸਆਈਆਰ) ਦੀ ਪ੍ਰਕਿਰਿਆ ਨਾਲ ਜੁੜੇ ਮੁੱਦੇ ਸੰਵਿਧਾਨਕ ਅਹੁਦੇਦਾਰਾਂ ਸਾਹਮਣੇ ਉਠਾਏਗੀ।
ਇਸ ਤੋਂ ਪਹਿਲਾਂ ਸੀਜੇਪੀ ਕਾਰਕੁਨ ਅਭਿਜੀਤ ਦੀਪਕੇ ਨੇ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਮੁੰਬਈ ਤੋਂ ਦਿੱਲੀ ਪਹੁੰਚਣ ’ਤੇ ਪੁਲਿਸ ਨੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।







