INDIA ਗੱਠਜੋੜ ਨੂੰ ਵੱਡਾ ਝਟਕਾ! ਚੀਫ਼ ਜਸਟਿਸ ਨੇ ਮਿਲਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 12 ਅਕਤੂਬਰ 2026
ਵੋਟਾਂ ਦੀ ਕਥਿਤ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਮਾਰਚ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤ ਦੇ ਚੀਫ਼ ਜਸਟਿਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸੂਤਰਾਂ ਮੁਤਾਬਕ, ਚੀਫ਼ ਜਸਟਿਸ ਨੇ ਸਪੱਸ਼ਟ ਕੀਤਾ ਕਿ ਵੋਟਾਂ ਦੀ ਕਥਿਤ ਚੋਰੀ ਨਾਲ ਜੁੜੇ ਇਸੇ ਤਰ੍ਹਾਂ ਦੇ ਮਾਮਲੇ ਸੁਪਰੀਮ ਕੋਰਟ ਵਿੱਚ ਨਿਆਂਇਕ ਵਿਚਾਰ ਅਧੀਨ ਹਨ। ਇਸ ਕਾਰਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਅਸਮਰੱਥਾ ਪ੍ਰਗਟਾਈ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸੋਮਵਾਰ ਸ਼ਾਮ ਚਾਰ ਤੋਂ ਪੰਜ ਵਜੇ ਦਰਮਿਆਨ ਮੁਲਾਕਾਤ ਲਈ ਸਮਾਂ ਮੰਗਿਆ ਸੀ।
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਵੋਟਾਂ ਦੀ ਕਥਿਤ ਚੋਰੀ ਦੇ ਮੁੱਦੇ ਨੂੰ ਲੈ ਕੇ ਆਪਣਾ ਪੱਖ ਰੱਖਣਾ ਚਾਹੁੰਦੇ ਸਨ। ਹਾਲਾਂਕਿ, ਚੀਫ਼ ਜਸਟਿਸ ਵੱਲੋਂ ਮੁਲਾਕਾਤ ਤੋਂ ਇਨਕਾਰ ਕੀਤੇ ਜਾਣ ਕਾਰਨ ਉਨ੍ਹਾਂ ਦੀ ਇਹ ਕੋਸ਼ਿਸ਼ ਸਿਰੇ ਨਹੀਂ ਚੜ੍ਹ ਸਕੀ।







