DA ਮਾਮਲਾ: ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਰਸਮੀ ਨੋਟਿਸ, ਸੀਨੀਅਰ ਵਕੀਲ ਆਰ.ਐੱਸ. ਚੀਮਾ ਐਮੀਕਸ ਕਿਊਰੀ ਨਿਯੁਕਤ
ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮੀਕਸ ਕਿਊਰੀ (ਅਦਾਲਤ ਦੇ ਮਦਦਗਾਰ) ਵਜੋਂ ਨਿਯੁਕਤ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਅਦਾਲਤ ਵਿੱਚ ਪੇਸ਼ ਹੋਏ।
ਇਹ ਮਾਮਲਾ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਸਬੰਧੀ ਦਾਇਰ ਕੀਤੀ ਗਈ ਮਾਣਹਾਨੀ ਕਾਰਵਾਈ ਨਾਲ ਜੁੜਿਆ ਹੋਇਆ ਹੈ। ਸੁਣਵਾਈ ਦੌਰਾਨ ਪਟੀਸ਼ਨਰਾਂ ਦੇ ਵਕੀਲਾਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪੱਖ ਰੱਖਿਆ, ਜਦਕਿ ਸਰਕਾਰ ਵੱਲੋਂ ਪੇਸ਼ ਵਕੀਲਾਂ ਨੇ ਆਪਣੀਆਂ ਦਲੀਲਾਂ ਦਿੱਤੀਆਂ।
ਸਰਕਾਰੀ ਪੱਖ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਕੋਈ ਰਸਮੀ ਨੋਟਿਸ ਜਾਰੀ ਨਹੀਂ ਹੋਇਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਕਰਦਿਆਂ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।
ਅਦਾਲਤ ਨੇ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਆਪਣਾ ਵਿਸਥਾਰਪੂਰਵਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ 2026 ਨੂੰ ਹੋਵੇਗੀ। ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਸਰਕਾਰ ਦੇ ਜਵਾਬ ਅਤੇ ਅਦਾਲਤ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।







