ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਬੰਦ, ਸਿਆਸੀ ਪਾਰਟੀਆਂ ਵੱਲੋਂ ਸਮਰਥਨ
ਮਾਨਸਾ, 15 ਅਕਤੂਬਰ 2026- ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਅਤੇ ‘ਮਾਨਸਾ ਐਕਸ਼ਨ ਕਮੇਟੀ’ ਵੱਲੋਂ ਦਿੱਤੇ ਇਸ ਸੱਦੇ ਤਹਿਤ ਸਵੇਰੇ 6 ਵਜੇ ਤੋਂ ਬੰਦ ਸ਼ੁਰੂ ਹੋ ਗਿਆ, ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।
ਇਸ ਬੰਦ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਇਲਾਵਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਨੇ ਵੀ ਬੰਦ ਦੇ ਹੱਕ ਵਿੱਚ ਆਪਣਾ ਸਮਰਥਨ ਜ਼ਾਹਰ ਕੀਤਾ ਹੈ।
ਬੰਦ ਦੇ ਸੱਦੇ ਦੇ ਮੱਦੇਨਜ਼ਰ ਕੁਝ ਨਿੱਜੀ ਸਕੂਲਾਂ ਵੱਲੋਂ ਸਾਵਧਾਨੀ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਣਾ ਦੱਸਿਆ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਬੰਦ ਦੇ ਸੱਦੇ ਰਾਹੀਂ ਇਸ ਮਾਮਲੇ ਵੱਲ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।







