ਪੰਜਾਬ-ਚੰਡੀਗੜ੍ਹ ’ਚ ਮੀਂਹ ਨਾਲ ਬਦਲਿਆ ਮੌਸਮ, ਪੱਟੀ ’ਚ ਗੜੇਮਾਰੀ; ਅੱਜ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ, 15 ਅਕਤੂਬਰ 2026- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿੱਚ ਰਾਤ ਸਮੇਂ ਗੜੇਮਾਰੀ ਹੋਣ ਦੀ ਵੀ ਖ਼ਬਰ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਮੌਸਮ ਠੰਢਾ ਹੋ ਗਿਆ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਵਾਵਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਬਠਿੰਡਾ ਸਮੇਤ ਹੋਰਨਾਂ ਇਲਾਕਿਆਂ ਵਿੱਚ ਵੀ ਸਵੇਰ ਵੇਲੇ ਮੀਂਹ ਪੈਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਆਮ ਜਨਜੀਵਨ ਦੇ ਨਾਲ-ਨਾਲ ਖੇਤੀਬਾੜੀ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।
ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।







