ਪਰਮਿੰਦਰ ਝੋਟੇ ਦੇ ਕਤਲ ਵਿਰੁੱਧ ਰੋਸ ਧਰਨਾ; ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

Top Trending News ਪੰਜਾਬ
  • ਪਰਮਿੰਦਰ ਝੋਟੇ ਦੇ ਕਤਲ ਵਿਰੁੱਧ ਰੋਸ ਧਰਨਾ; ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਮੋਰਿੰਡਾ 15 ਅਕਤੂਬਰ (ਭਟੋਆ): ਮਾਨਸਾ ਵਿਖੇ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕੀਤੇ ਗਏ ਬੇਰਹਿਮ ਕਤਲ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮੋਰਿੰਡਾ ਵਿਖੇ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਮੌਕੇ ਤੇ ਨਿਹੰਗ ਸਿੰਘਾਂ ਵੱਲੋ ਕਾਈਨੌਰ ਚੌਂਕ ਵਿੱਚ ਲੱੱਗੇ ਮੁੱਖ ਮੰਤਰੀ ਦੀ ਫੋਟੋ ਵਾਲੇ ਫਲੈਕਸ ਬੋਰਡ ਵੀ ਫਾੜ ਦਿੱਤਾ ਗਿਆ।

ਕਤਲ ਕਾਂਡ ਦੇ ਰੋਸ ਵਜੋਂ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ, ਕਿਸਾਨ ਯੂਨੀਅਨਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਥਾਨਕ ਕਾਈਨੌਰ ਚੌਂਕ ਵਿੱਚ ਧਰਨਾ ਦਿੱਤਾ ਅਤੇ ਆਵਾਜਾਈ ਜਾਮ ਕੀਤੀ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪਰਮਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਸਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਸਿੱਧੇ ਤੌਰ ‘ਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਪੁਲਿਸ ਅਤੇ ਪ੍ਰਸ਼ਾਸਨ ‘ਤੇ ਤਿੱਖੇ ਸਵਾਲ
ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਕਥਿਤ ਮਿਲੀਭੁਗਤ ਅਤੇ ਸਰਪ੍ਰਸਤੀ ਤੋਂ ਬਿਨਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਵਿਕਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਪ੍ਰਸ਼ਾਸਨ ਮੋਹਰੇ ਬਣ ਕੇ ਕੰਮ ਕਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸੂਬੇ ਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਅਤੇ ਪੰਜਾਬ ਦੇ ਡਰੱਗ ਇੰਸਪੈਕਟਰਾਂ.ਦੀਆਂ ਜਾਇਦਾਦਾਂ ਦੀ ਉੱਚ-ਪੱਧਰੀ ਜਾਂਚ ਕੀਤੀ ਜਾਵੇ ਕਿ ਮੈਡੀਕਲ ਸਟੋਰ ਖੋਲ੍ਹਣ ਜਾਂ ਨੌਕਰੀ ਵਿੱਚ ਆਉਣ ਤੋ ਪਹਿਲਾਂ ਮੈਡੀਕਲ ਸਟੋਰਾਂ ਦੇ ਮਾਲਕਾਂ ਅਤੇ ਪੰਜਾਬ ਦੇ ਡਰੱਗ ਇੰਸਪੈਕਟਰਾਂ ਕੋਲ ਕਿੰਨੀ ਜਾਇਦਾਦ ਸੀ ਅਤੇ ਅੱਜ ਦੀ ਤਾਰੀਖ ਵਿੱਚ ਉਨਾਂ ਦੀਆਂ ਜਾਇਦਾਦਾਂ ਵਿੱਚ ਕਿੰਨਾ ਵਾਧਾ ਹੋਇਆ ਹੈ,ਕਿਉਂਕਿ ਸੂਬੇ ਬਹੁਤ ਸਾਰੇ ਮੈਡੀਕਲ ਸਟੋਰਾਂ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ।

ਪੰਜਾਬ ਬਚਾਉਣ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਤਹਿਤ ਨਸ਼ਿਆਂ ਦਾ ਦਰਿਆ ਵਗਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਿਆਸੀ ਪਾਰਟੀਆਂ ਅਤੇ ਵੋਟ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਪਿੰਡ-ਪਿੰਡ ਕਮੇਟੀਆਂ ਬਣਾਉਣ ਅਤੇ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪੰਜਾਬ ਦੇ ਲੋਕ ਜਾਗਰੂਕ ਨਾ ਹੋਏ ਤਾਂ ਆਉਣ ਵਾਲੀ ਪੀੜ੍ਹੀ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ।

ਬੁਲਾਰਿਆਂ ਵਿਚ ਪਨਗ੍ਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ,ਕਿਸਾਨ ਆਗੂ ਰੇਸ਼ਮ ਸਿੰਘ ਬਹਿਡਾਲੀ,ਗੁਰਚਰਨ ਸਿੰਘ ਢੋਲਣਮਾਜਰਾ,ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ,ਇਕਬਾਲ ਸਿੰਘ ਡੂਮਛੇੜੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਹਲਕਾ ਪ੍ਰਧਾਨ ਦਰਸ਼ਨ ਸਿੰਘ ਸੰਧੂ,ਬਲਾਕ ਪ੍ਰਧਾਨ ਜਗਜੀਤ ਸਿੰਘ ਲੁਠੇੜੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਤੇ ਗੁਲਜਾਰ ਸਿੰਘ ਚਤਾਮਲੀ, ਹਰਜੀਤ ਸਿੰਘ ਢੋਲਣਮਾਜਰਾ ਤੇ ਬਸਪਾ ਆਗੂ ਗੁਰਦਰਸ਼ਨ ਸਿੰਘ ਢੋਲਣਮਾਜਰਾ ਤੇ ਮਹਿੰਦਰ ਸਿੰਘ ਰੌਣੀ ਆਦਿ ਸ਼ਾਮਲ ਸਨ। ਜਦਕਿ ਇਸ ਧਰਨੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ,ਪੰਚ ਦਵਿੰਦਰ ਕੌਰ ਮੁੰਡੀਆਂ, ਜਸਵਿੰਦਰ ਕੌਰ ਮੁੰਡੀਆਂ, ਰਣਧੀਰ ਸਿੰਘ ਮਾਜਰੀ, ਸੰਗਤ ਸਿੰਘ ਭਾਮੀਆ,ਤੇਜਿੰਦਰ ਸਿੰਘ ਬਿੱਲੂ ਕਲਾਰਾਂ, ਕਿਸਾਨ ਆਗੂ ਅਮਰੀਕ ਸਿੰਘ ਅਮਰਾਲੀ, ਗੁਰਦੀਪ ਸਿੰਘ ਢੰਗਰਾਲੀ,ਕੁਲਬੀਰ ਸਿੰਘ ਰਤਨਗੜ੍ਹ, ਨੰਬਰਦਾਰ ਗੁਰਿੰਦਰ ਸਿੰਘ ਖੱਟੜਾ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਅਤੇ ਸ਼ਹਿਰ ਵਾਸੀ ਧਰਨੇ ਵਿੱਚ ਸ਼ਾਮਲ। ਧਰਨਕਾਰੀਆਂ ਲਈ ਚਾਹ ਤੇ ਲੰਗਰ ਦਾ ਪ੍ਰਬੰਧ ਗੁਰਦੁਆਰਾ ਸ੍ਰੀ ਕੋਤਵਾਲੀ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆ ਵੱਲੋ ਕੀਤਾ ਗਿਆ।

ਇਸੇ ਦੌਰਾਨ ਅਕਾਲੀ ਦਲ ਵੱਲੋ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਜਾਕੇ ਦੁਕਾਨਦਾਰਾਂ ਵੱਲੋ ਦੁਕਾਨਾਂ ਬੰਦ ਰੱਖਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ, ਅਮਰਿੰਦਰ ਸਿੰਘ ਹੈਲੀ, ਪਰਮਿੰਦਰ ਸਿੰਘ ਬਿੱਟੂ ਕੰਗ, ਲੱਖੀ ਸ਼ਾਹ, ਹਰਜੀਤ ਸਿੰਘ ਸੰਗਤਪੁਰਾ ਅਤੇ ਸੁਖਬੀਰ ਸਿੰਘ ਸੁੱਖਾ ਆਦਿ ਵੀ ਹਾਜ਼ਰ ਸਨ।

ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐਸ.ਪੀ. ਗੁਰਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ, ਅਤੇ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ‘ਤੇ ਮੌਜੂਦ ਰਹੀ। ਧਰਨੇ ਦੇ ਅੰਤ ਵਿੱਚ ਮਰਹੂਮ ਪਰਮਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।