ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

Top Trending News ਪੰਜਾਬ
  • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜੇਕਰ ਪੰਜਾਬ ਵਿੱਚ ਸਭ ਕੁਝ ਠੀਕ ਹੈ ਤਾਂ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕ ਅੱਜ ਵੀ ਚਿੰਤਤ ਕਿਉਂ ਹਨ? ਸਰਕਾਰ ਦੱਸੇ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਸਲ ਵਿੱਚ ਕੀ ਠੋਸ ਕਦਮ ਚੁੱਕੇ ਗਏ ਹਨ? ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਨਾਲ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਨਹੀਂ ਬਚਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੈ? ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਕੀ ਕਰ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਬਜਾਏ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਪੰਜਾਬ ਵਿੱਚ ਇਹ ਸਭ ਕੁਝ ਕਿਸ ਦੀ ਸ਼ਹਿ ’ਤੇ ਹੋ ਰਿਹਾ ਹੈ? ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਕਦੋਂ ਮਿਲੇਗਾ? ਕੀ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕਰੇਗੀ?

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ।

ਇਸ ਮੌਕੇ ਬਾਬਾ ਕਸ਼ਮੀਰਾ ਸਿੰਘ ਜੀ, ਮੁਖਤਿਆਰ ਸਿੰਘ ਜੀ, ਨਰਿੰਦਰ ਸਿੰਘ ਜੀ, ਨੀਰੋ ਦੇਵੀ ਜੀ, ਬਿਮਲਾ ਦੇਵੀ ਜੀ, ਹੈਪੀ ਮਲਿਕ ਜੀ ਅਤੇ ਆਸ਼ੂ ਮਲਿਕ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।