- ਪਰਵਿੰਦਰ ਝੋਟਾ ਕਤਲ ਮਾਮਲਾ: ਮੁਲਜ਼ਮ ਅਸ਼ਵਨੀ ਦੇ ਲਾਇਸੈਂਸੀ ਅਸਲੇ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ
ਮਾਨਸਾ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਦੇ ਅਸਲਾ ਲਾਇਸੈਂਸ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ, ਮੁਲਜ਼ਮ ਵਿਰੁੱਧ ਪੰਜ ਪੁਲਿਸ ਕੇਸ ਦਰਜ ਹੋਣ ਦੇ ਬਾਵਜੂਦ ਉਸ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਝੋਟਾ ਦੇ ਕਤਲ ਲਈ ਵੀ ਲਾਇਸੈਂਸੀ ਹਥਿਆਰ ਦੀ ਵਰਤੋਂ ਕੀਤੀ ਗਈ।
ਜਾਣਕਾਰੀ ਅਨੁਸਾਰ, ਐੱਸਐੱਸਪੀ ਮਾਨਸਾ ਨੇ 9 ਅਗਸਤ 2024 ਨੂੰ ਪੱਤਰ ਨੰਬਰ 91/ਐੱਨਏਐੱਲ ਰਾਹੀਂ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ 21 ਅਗਸਤ 2024 ਨੂੰ ਲਾਇਸੈਂਸ ਜਾਰੀ ਕਰ ਦਿੱਤਾ ਸੀ।
ਦੋ ਲਾਇਸੈਂਸੀ ਹਥਿਆਰ ਰੱਖਣ ਦੀ ਸੀ ਇਜਾਜ਼ਤ
ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਅਸ਼ਵਨੀ ਕੁਮਾਰ ਕੋਲ 7.62 ਐੱਮਐੱਮ ਦਾ ਪਿਸਤੌਲ ਅਤੇ 12 ਬੋਰ ਦੀ ਬੰਦੂਕ ਸੀ। ਉਸ ਦੇ ਅਸਲਾ ਲਾਇਸੈਂਸ ਦੀ ਮਿਆਦ 21 ਅਗਸਤ 2024 ਤੋਂ 20 ਅਗਸਤ 2029 ਤੱਕ ਸੀ। ਲਾਇਸੈਂਸ ਤਹਿਤ ਮੁਲਜ਼ਮ ਨੂੰ ਇੱਕ ਵਾਰ ਵਿੱਚ 50 ਕਾਰਤੂਸ ਖ਼ਰੀਦਣ ਅਤੇ ਇੱਕ ਸਾਲ ਦੌਰਾਨ ਕੁੱਲ 100 ਕਾਰਤੂਸ ਖ਼ਰੀਦਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ।
ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ’ਤੇ ਉੱਠੇ ਸਵਾਲ
ਮੁਲਜ਼ਮ ਵਿਰੁੱਧ ਪਹਿਲਾਂ ਦਰਜ ਪੰਜ ਪੁਲਿਸ ਕੇਸਾਂ ਦੇ ਬਾਵਜੂਦ ਅਸਲਾ ਲਾਇਸੈਂਸ ਜਾਰੀ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਲਾਇਸੈਂਸ ਦੇਣ ਦੀ ਪ੍ਰਕਿਰਿਆ ’ਤੇ ਸਵਾਲ ਉੱਠ ਰਹੇ ਹਨ। ਹੁਣ ਇਸ ਮਾਮਲੇ ਵਿੱਚ ਇਹ ਜਾਂਚ ਦਾ ਵਿਸ਼ਾ ਹੈ ਕਿ ਲਾਇਸੈਂਸ ਜਾਰੀ ਕਰਦੇ ਸਮੇਂ ਮੁਲਜ਼ਮ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਜਾਂਚ ਕਿਵੇਂ ਕੀਤੀ ਗਈ ਸੀ ਅਤੇ ਸਬੰਧਤ ਅਧਿਕਾਰੀਆਂ ਨੇ ਕਿਹੜੇ ਤੱਥਾਂ ਦੇ ਆਧਾਰ ’ਤੇ ਮਨਜ਼ੂਰੀ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਮਾਨਸਾ ਵਿੱਚ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅਸ਼ਵਨੀ ਕੁਮਾਰ ਦਾ ਨਾਮ ਸਾਹਮਣੇ ਆਇਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







