- ਪਰਵਿੰਦਰ ਝੋਟਾ ਕਤਲ ਮਾਮਲਾ: ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ
- ਚੌਥੇ ਦਿਨ ਵੀ ਧਰਨਾ ਜਾਰੀ, ਮੰਗਾਂ ਪੂਰੀਆਂ ਹੋਣ ਤੱਕ ਪੁੱਤ ਦਾ ਸਸਕਾਰ ਨਾ ਕਰਨ ’ਤੇ ਅੜਿਆ ਪਰਿਵਾਰ
ਮਾਨਸਾ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੋਂ ਜਵਾਬ ਮੰਗਿਆ ਹੈ। ਜਾਰੀ ਪੱਤਰ ਵਿੱਚ ਘਟਨਾ ਸਬੰਧੀ ਵਿਸਥਾਰਤ ਤੱਥਾਤਮਕ ਰਿਪੋਰਟ ਅਤੇ ਸੂਬਾ ਸਰਕਾਰ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਲੋਕਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ, ਸੀਬੀਆਈ ਜਾਂਚ ਸਮੇਤ ਪੰਜ ਮੰਗਾਂ ’ਤੇ ਅੜਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਪਰਿਵਾਰ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ।
ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਉਹ ਆਪਣੇ ਪੁੱਤ ਦੀ ਦੇਹ ਲੈਣਗੇ। ਮ੍ਰਿਤਕ ਦੀ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ ਅਤੇ ਅਜੇ ਤੱਕ ਪੋਸਟਮਾਰਟਮ ਵੀ ਨਹੀਂ ਹੋਇਆ। ਇਨਸਾਫ਼ ਕਮੇਟੀ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਕਤਲ ਤੋਂ ਬਾਅਦ ਹਿੰਸਾ ਦੇ ਮਾਮਲੇ ’ਚ ਦੋ ਕੇਸ ਦਰਜ
ਕਤਲ ਤੋਂ ਬਾਅਦ ਹੋਏ ਪ੍ਰਦਰਸ਼ਨ ਦੌਰਾਨ ਅੱਗਜ਼ਨੀ, ਭੰਨਤੋੜ ਅਤੇ ਭੜਕਾਊ ਭਾਸ਼ਣਾਂ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਕੇਸ ਦਰਜ ਕੀਤੇ ਹਨ। ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਨਸ਼ਾ ਵੇਚਣ ਦਾ ਵਿਰੋਧ ਕਰਨ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਕਥਿਤ ਤੌਰ ’ਤੇ ਪਰਵਿੰਦਰ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਇਸ ਮਾਮਲੇ ਵਿੱਚ ਅਸ਼ਵਨੀ ਕੁਮਾਰ, ਉਸ ਦੀ ਪਤਨੀ ਨੀਲਮ ਰਾਣੀ ਅਤੇ ਮਦਦ ਕਰਨ ਦੇ ਦੋਸ਼ ਹੇਠ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਅਸ਼ਵਨੀ ਕੁਮਾਰ ਨੂੰ ਸੱਤ ਦਿਨਾਂ ਅਤੇ ਉਸ ਦੀ ਪਤਨੀ ਨੂੰ ਛੇ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।







