ਝੋਟਾ ਕਤਲ ਮਾਮਲੇ ’ਚ ਇਨਸਾਫ਼ ਲਈ ਮਾਨਸਾ ’ਚ ਧਰਨਾ ਜਾਰੀ, ਹਜ਼ਾਰਾਂ ਲੋਕਾਂ ਦਾ ਇਕੱਠ

Top Trending News ਪੰਜਾਬ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਇਨਸਾਫ਼ ਲਈ ਮਾਨਸਾ ’ਚ ਧਰਨਾ ਪੰਜਵੇਂ ਦਿਨ ਵੀ ਜਾਰੀ, ਹਜ਼ਾਰਾਂ ਲੋਕਾਂ ਦਾ ਇਕੱਠ

ਮਾਨਸਾ, 17 ਅਕਤੂਬਰ 2026: ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਦੀ ਤਿੰਨਕੋਨੀ ਨੇੜੇ ਲੱਗਾ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਵੱਖ-ਵੱਖ ਕਿਸਾਨ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਨੂੰ ਸਮਰਥਨ ਦਿੱਤਾ।

ਧਰਨੇ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਪਰਵਿੰਦਰ ਸਿੰਘ ਬਾਲਿਆਂਵਾਲੀ, ਹਰਮੀਤ ਸਿੰਘ ਕਾਦੀਆਂ, ਲੱਖਾ ਸਿਧਾਣਾ, ਧੰਨਾ ਮੱਲ ਗੋਇਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਖਵਿੰਦਰ ਸਿੰਘ ਔਲਖ ਅਤੇ ਮਾਨਿਕ ਗੋਇਲ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸਬੰਧਤ ਗਿੱਲ ਰਮਤਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ।

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਵੀ ਧਰਨੇ ਵਿੱਚ ਪਹੁੰਚ ਕੇ ਸੰਬੋਧਨ ਕਰਨ ਦੀ ਜਾਣਕਾਰੀ ਮਿਲੀ ਹੈ।

ਧਰਨੇ ਵਿੱਚ ਵਧ ਰਹੇ ਇਕੱਠ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਾਰੀ ਇਸ ਧਰਨੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।