ਪੰਜਾਬ-ਚੰਡੀਗੜ੍ਹ ’ਚ ਮੀਂਹ ਦੀ ਸੰਭਾਵਨਾ?
ਮੋਹਾਲੀ, 20 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਬਦਲਦਾ ਮਿਜ਼ਾਜ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਦੋਵਾਂ ਖੇਤਰਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਫਿਲਹਾਲ ਮੀਂਹ ਪੈਣ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ।
ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ 33.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਦਾ ਫ਼ਰਕ ਸਾਫ਼ ਮਹਿਸੂਸ ਹੋ ਰਿਹਾ ਹੈ। ਦਿਨ ਵੇਲੇ ਗਰਮੀ ਰਹਿੰਦੀ ਹੈ, ਜਦਕਿ ਸਵੇਰ ਅਤੇ ਰਾਤ ਸਮੇਂ ਤਾਪਮਾਨ ਘੱਟ ਹੋਣ ਕਾਰਨ ਹਲਕੀ ਠੰਢ ਦਾ ਅਹਿਸਾਸ ਹੋ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਇਸ ਦੇ ਨਾਲ ਲੱਗਦੇ ਪੰਜਾਬ ਦੇ ਉੱਪਰ ਲਗਭਗ 3.1 ਕਿਲੋਮੀਟਰ ਦੀ ਉਚਾਈ ’ਤੇ ਪੱਛਮੀ ਗੜਬੜੀ ਮੌਜੂਦ ਹੈ। ਇਸ ਤੋਂ ਇਲਾਵਾ ਉੱਪਰੀ ਵਾਯੂਮੰਡਲ ਵਿੱਚ 5.8 ਕਿਲੋਮੀਟਰ ਦੀ ਉਚਾਈ ’ਤੇ ਘੱਟ ਦਬਾਅ ਵਾਲਾ ਖੇਤਰ ਵੀ ਬਣਿਆ ਹੋਇਆ ਹੈ।
ਹਾਲਾਂਕਿ, 20 ਤੋਂ 26 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ।







