ਪੰਜਾਬ ’ਚ ਨਸ਼ਾ ਤਸਕਰਾਂ ’ਤੇ ਵੱਡਾ ਐਕਸ਼ਨ: 95 ਹਜ਼ਾਰ ਕੇਸ ਦਰਜ, 1.27 ਲੱਖ ਗ੍ਰਿਫ਼ਤਾਰ; 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਤਿਆਰੀ
ਜਲੰਧਰ, 21 ਅਕਤੂਬਰ 2026: ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੇ ਅੰਕੜੇ ਜਾਰੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਐਨਡੀਪੀਐੱਸ ਐਕਟ ਤਹਿਤ 95 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਅਤੇ 1.27 ਲੱਖ ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕਰਨ ਅਤੇ 902 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਜਲੰਧਰ ਦੇ ਪੀਏਪੀ ਕੰਪਲੈਕਸ ਵਿੱਚ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ ਐਨਡੀਪੀਐੱਸ ਮਾਮਲਿਆਂ ਵਿੱਚ ਸਜ਼ਾ ਦਰ 90 ਫ਼ੀਸਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਰੋਕਣ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੀ ਯੋਜਨਾ ਹੈ। ਇਸ ਤਹਿਤ ਪੁਲਿਸ ਦੇ ਨਾਲ ਸਿਹਤ, ਸਿੱਖਿਆ ਅਤੇ ਖੇਡ ਵਿਭਾਗ ਵੀ ਕੰਮ ਕਰਨਗੇ। ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਖੇਡ ਮੈਦਾਨ, ਸਟਰੀਟ ਲਾਈਟਾਂ, ਸੀਸੀਟੀਵੀ ਅਤੇ ਨਸ਼ਾ ਛੁਡਾਊ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।
ਡੀਜੀਪੀ ਨੇ ਗੈਂਗਸਟਰਾਂ ਅਤੇ ਅੱਤਵਾਦੀ ਮੋਡਿਊਲਾਂ ਖ਼ਿਲਾਫ਼ ਕਾਰਵਾਈ ਦੇ ਅੰਕੜੇ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਸਰਹੱਦ ਪਾਰੋਂ ਚੱਲਦੇ ਨੈੱਟਵਰਕਾਂ ਨੂੰ ਤੋੜਨ ਲਈ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਜਾਰੀ ਹੈ।







