- ਮੋਗਾ ’ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
- ਬਾਘਾਪੁਰਾਣਾ ਦੇ ਪਿੰਡ ਵੈਰੋਕੇ ਦੀ ਘਟਨਾ
- ਪੁਲਿਸ ਨੇ ਸ਼ਿਕਾਇਤ ਮਿਲਣ ਮਗਰੋਂ ਜਾਂਚ ਕੀਤੀ ਸ਼ੁਰੂ
ਮੋਗਾ, 21 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਤ ’ਤੇ ਕਾਲਾ ਰੰਗ ਲਾਏ ਜਾਣ ਦੀ ਘਟਨਾ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਅੰਗਰੇਜ਼ਾਂ ਵਿਰੁੱਧ ਸੰਘਰਸ਼ ਕੀਤਾ। ਉਨ੍ਹਾਂ ਸਮਾਜ ਵਿੱਚ ਬਰਾਬਰੀ ਲਈ ਵੀ ਲੜਾਈ ਲੜੀ। ਉਨ੍ਹਾਂ ਦਾ ਬਲਿਦਾਨ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਲੋਕਾਂ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬੁੱਤ ’ਤੇ ਕਾਲਾ ਰੰਗ ਲਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀ ਘਟਨਾ ਮੁੜ ਨਾ ਵਾਪਰੇ।
ਪੁਲਿਸ ਨੂੰ ਸ਼ਿਕਾਇਤ, ਜਾਂਚ ਸ਼ੁਰੂ
ਡੀਐੱਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਡ ਵੈਰੋਕੇ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਹੈ। ਮੂਰਤੀ ਨਾਲ ਛੇੜਛਾੜ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੂਰਤੀ ’ਤੇ ਪੇਂਟ ਆਦਿ ਲੱਗਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਅਨੁਸਾਰ, ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।







