- ਚੰਡੀਗੜ੍ਹ ਦੇ ਤਾਜ ਹੋਟਲ ’ਚ ਮਿਲੀ ਕਾਰੋਬਾਰੀ ਦੀ ਲਾਸ਼
ਚੰਡੀਗੜ੍ਹ, 21 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਦੇ ਇੱਕ ਕਮਰੇ ਵਿੱਚ ਬੁੱਧਵਾਰ ਸਵੇਰੇ ਕਾਰੋਬਾਰੀ ਦੀ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ। ਸੂਚਨਾ ਮਿਲਣ ’ਤੇ ਥਾਣਾ-17 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਜਾਣਕਾਰੀ ਅਨੁਸਾਰ, ਸਵੇਰੇ ਕਰੀਬ 6 ਵਜੇ ਇੱਕ ਵੇਟਰ ਹੋਟਲ ਦੇ ਕਮਰੇ ਵਿੱਚ ਪਹੁੰਚਿਆ ਤਾਂ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਕਾਰੋਬਾਰੀ ਬੈੱਡ ’ਤੇ ਬੇਹੋਸ਼ ਪਿਆ ਸੀ। ਵੇਟਰ ਨੇ ਉਸ ਨੂੰ ਹਿਲਾ ਕੇ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਹੁੰਗਾਰਾ ਨਾ ਮਿਲਣ ’ਤੇ ਹੋਟਲ ਮੈਨੇਜਰ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਕਾਰੋਬਾਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਨਸ਼ੇ ਦੀ ਓਵਰਡੋਜ਼ ਦਾ ਸ਼ੱਕ, ਜਾਂਚ ਜਾਰੀ
ਪੁਲਿਸ ਨੇ ਲਾਸ਼ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਮੁੱਢਲੀ ਜਾਂਚ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸ਼ੱਕ ਜਤਾ ਰਹੀ ਹੈ, ਪਰ ਮੌਤ ਦਾ ਅਸਲ ਕਾਰਨ ਹਾਲੇ ਸਪੱਸ਼ਟ ਨਹੀਂ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
ਤਾਜ ਹੋਟਲ ਨੇ ਜਤਾਇਆ ਦੁੱਖ
ਇਸ ਘਟਨਾ ਸਬੰਧੀ ਤਾਜ ਹੋਟਲ ਦੇ ਬੁਲਾਰੇ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਹੋਟਲ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਹੋਟਲ ਪਰਿਵਾਰ ਦੀ ਮਦਦ ਕਰ ਰਿਹਾ ਹੈ ਅਤੇ ਜਾਂਚ ਵਿੱਚ ਸਬੰਧਤ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।







