ਗੁਰਦੁਆਰਾ ਬੰਗਲਾ ਸਾਹਿਬ ਦਾ ਰਸਤਾ ਬੰਦ ਕਰਨ ਦਾ ਕੋਈ ਹੁਕਮ ਨਹੀਂ: ਕਾਲਕਾ, ਕਾਹਲੋਂ
ਨਵੀਂ ਦਿੱਲੀ, 21 ਅਕਤੂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈਸ ਦੇ ਇੱਕ ਭਾਗ ਵਿੱਚ ਪ੍ਰਕਾਸ਼ਿਤ ਉਨ੍ਹਾਂ ਖ਼ਬਰਾਂ ਦਾ ਸਪੱਸ਼ਟ ਖੰਡਨ ਕੀਤਾ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦਾ ਰਸਤਾ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਦੋਵੇਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗ਼ਲਤ ਢੰਗ ਨਾਲ ਪੇਸ਼ ਕਰਕੇ ਤੱਥਾਂ ਦੀ ਗ਼ਲਤ ਵਿਆਖਿਆ ਕੀਤੀ ਜਾ ਰਹੀ ਹੈ, ਜਦਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਦੇਸ਼ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਆਦਾ ਅਤੇ ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਦੇ ਨਾਲ ਲੱਗਦਾ ਰਸਤਾ ਵੱਖ-ਵੱਖ ਸਰਕਾਰੀ ਅਤੇ ਸੁਰੱਖਿਆ ਕਾਰਜਾਂ ਲਈ ਵੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦੇ ਬੀਟ ਅਧਿਕਾਰੀ ਵੀ ਇਸ ਰਸਤੇ ਰਾਹੀਂ ਆਉਂਦੇ-ਜਾਂਦੇ ਹਨ। ਇਸ ਤੋਂ ਇਲਾਵਾ, ਜਦੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਜਾਂ ਹੋਰ ਉੱਚ-ਪੱਧਰੀ ਪਤਵੰਤੇ ਅਤੇ ਵਿਦੇਸ਼ੀ ਮਹਿਮਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ, ਤਾਂ ਉਨ੍ਹਾਂ ਦੇ ਕਾਫ਼ਲੇ ਅਤੇ ਸੁਰੱਖਿਆ ਕਰਮਚਾਰੀਆਂ ਦੀ ਆਵਾਜਾਈ ਵੀ ਇਸੇ ਰਸਤੇ ਰਾਹੀਂ ਹੁੰਦੀ ਹੈ।
ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਵਾਪਰੀ ਘਟਨਾ ਦੇ ਸਬੰਧ ਵਿੱਚ ਇਹ ਗੱਲ ਜ਼ਰੂਰ ਕਹੀ ਗਈ ਸੀ ਕਿ ਜਦੋਂ ਗੁਰਦੁਆਰਾ ਸਾਹਿਬ ਦੇ ਬਾਹਰ ਕੋਈ ਧਰਨਾ ਜਾਂ ਅੰਦੋਲਨ ਚੱਲ ਰਿਹਾ ਹੋਵੇ, ਤਾਂ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੂੰ ਇਸ ਗੱਲ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰੋਂ ਲੰਘਣ ਤੋਂ ਗੁਰੇਜ਼ ਕਰਨ। ਪਰ ਇਸ ਦਾ ਇਹ ਅਰਥ ਕੱਢਣਾ ਕਿ ਕਮੇਟੀ ਨੇ ਪੁਲਿਸ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਬਿਲਕੁਲ ਗ਼ਲਤ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਕਤ ਘਟਨਾ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਬਾਰ ਹਾਲ ਜਾਂ ਲੰਗਰ ਹਾਲ ਵਿੱਚ ਦਾਖ਼ਲ ਹੋਣ, ਉੱਥੇ ਮਰਿਆਦਾ ਦੀ ਉਲੰਘਣਾ ਕਰਨ ਜਾਂ ਕਿਸੇ ਵਿਅਕਤੀ ਨਾਲ ਪੁਲਿਸ ਵੱਲੋਂ ਧੱਕਾ-ਮੁੱਕੀ ਜਾਂ ਤਸ਼ੱਦਦ ਕੀਤੇ ਜਾਣ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪੁਲਿਸ ਮੁਲਾਜ਼ਮ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਦਾ ਹੈ, ਤਾਂ ਅਜਿਹੀ ਕਾਰਵਾਈ ਨੂੰ ਕਿਸੇ ਵੀ ਕੀਮਤ ‘ਤੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਐੱਫ.ਆਈ.ਆਰ. ਕਿ ਦਰਜ ਕਰਵਾਉਣ ਸਬੰਧੀ ਦਿੱਲੀ ਪੁਲਿਸ ਦੇ ਡੀ.ਸੀ.ਪੀ. ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਦਿਆਂ ਇਹ ਸੁਝਾਅ ਦਿੱਤਾ ਸੀ ਕਿ ਜਦੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਇਸ ਤਰ੍ਹਾਂ ਦਾ ਕੋਈ ਅੰਦੋਲਨ ਜਾਂ ਧਰਨਾ ਚੱਲ ਰਿਹਾ ਹੋਵੇ, ਤਾਂ ਪੁਲਿਸ ਮੁਲਾਜ਼ਮਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰੋਂ ਲੰਘਣ ਤੋਂ ਗੁਰੇਜ਼ ਕਰਨ ਲਈ ਹਦਾਇਤ ਕੀਤੀ ਜਾਵੇ।
ਦੋਵੇਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਨਾਲ ਸਬੰਧਤ ਕਿਸੇ ਵੀ ਮਾਮਲੇ ਨੂੰ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਗ਼ਲਤ ਰੂਪ ਵਿੱਚ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕਰਨਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।







