ਵੱਡੀ ਖ਼ਬਰ: ਮੋਦੀ ਕੈਬਨਿਟ ’ਚ ਫੇਰਬਦਲ ਦੀ ਚਰਚਾ ਤੇਜ਼, 27 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ
ਨਵੀਂ ਦਿੱਲੀ 22 ਅਕਤੂਬਰ 2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿੱਚ ਮੰਤਰੀ ਮੰਡਲ ਦੇ ਸੰਭਾਵੀ ਫੇਰਬਦਲ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਕੈਬਨਿਟ ਸਕੱਤਰ ਨੇ ਸਾਰੇ ਮੰਤਰਾਲਿਆਂ ਦੇ ਸਕੱਤਰਾਂ ਦੀ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 27 ਅਕਤੂਬਰ 2026 ਨੂੰ ਹੋਵੇਗੀ।
ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਰਿਪੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪੀ ਜਾਵੇਗੀ। ਇਸ ਦੇ ਆਧਾਰ ’ਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਕੀ ਕੰਮਕਾਜ ਬਾਰੇ ਅਗਲੇ ਫ਼ੈਸਲੇ ਲਏ ਜਾ ਸਕਦੇ ਹਨ।
ਰਿਪੋਰਟ ਵਿੱਚ ਮੰਤਰਾਲਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ‘ਈਜ਼ ਆਫ਼ ਡੂਇੰਗ ਬਿਜ਼ਨਸ’ ਯਾਨੀ ਕਾਰੋਬਾਰ ਕਰਨਾ ਆਸਾਨ ਬਣਾਉਣ ਅਤੇ ‘ਈਜ਼ ਆਫ਼ ਲਿਵਿੰਗ’ ਯਾਨੀ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ’ਤੇ ਜ਼ੋਰ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ।
ਇਸ ਸਮੀਖਿਆ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ ਜਾਂ ਕੁਝ ਵੱਡੇ ਨੀਤੀਗਤ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਮੰਤਰੀ ਮੰਡਲ ਵਿੱਚ ਕਿਸੇ ਤਬਦੀਲੀ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।







