Big Breaking: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ MLA ਦਲਜੀਤ ਸਿੰਘ ਗਰੇਵਾਲ ਦੀ ਮੈਂਬਰਸ਼ਿਪ ਖ਼ਤਮ
ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
21 ਅਕਤੂਬਰ 2026 ਨੂੰ ਜਾਰੀ ਨੋਟੀਫਿਕੇਸ਼ਨ ਨੰਬਰ 52-ਐਲ.ਏ.-2026/40 ਅਨੁਸਾਰ, ਵਿਧਾਇਕ ਦਲਜੀਤ ਸਿੰਘ ਗਰੇਵਾਲ ਦੀ ਸਾਲ 2026-27 ਦੇ ਬਾਕੀ ਰਹਿੰਦੇ ਸਮੇਂ ਲਈ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਵਜੋਂ ਮੈਂਬਰਸ਼ਿਪ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ।
ਨੋਟੀਫਿਕੇਸ਼ਨ ਵਿੱਚ ਦਰਜ ਜਾਣਕਾਰੀ ਮੁਤਾਬਕ, ਇਹ ਕਾਰਵਾਈ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਉਨ੍ਹਾਂ ਦੀ ਮੈਂਬਰਸ਼ਿਪ 16 ਅਕਤੂਬਰ 2026 ਤੋਂ ਖ਼ਤਮ ਮੰਨੀ ਗਈ ਹੈ।
ਇਹ ਅਧਿਸੂਚਨਾ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਵੱਲੋਂ ਜਾਰੀ ਕੀਤੀ ਗਈ ਹੈ।
ਇਸ ਫੈਸਲੇ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਮੈਂਬਰਸ਼ਿਪ ਖ਼ਤਮ ਕਰਨ ਦੇ ਵਿਸ਼ੇਸ਼ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ। ਇਸ ਲਈ ਇਸ ਕਾਰਵਾਈ ਦੇ ਪਿੱਛੇ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।







