ਪੰਜਾਬ ਵਿਧਾਨ ਸਭਾ ‘ਚ SIR ਅਤੇ ਵੋਟਰ ਸੂਚੀਆਂ ‘ਚ ਗੜਬੜੀਆਂ ਖਿਲਾਫ ਮਤਾ ਪਾਸ
ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਪ੍ਰਕਿਰਿਆ (SIR) ਅਤੇ ਕਥਿਤ ਬੇਨਿਯਮੀਆਂ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ ਦੀਆਂ ਸ਼ਿਕਾਇਤਾਂ ਦੀ ਸੁਤੰਤਰ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਸ ਕੀਤੇ ਮਤੇ ਵਿੱਚ ਵੋਟ ਦੇ ਅਧਿਕਾਰ ਨੂੰ ਲੋਕਤੰਤਰ ਦੀ ਬੁਨਿਆਦ ਦੱਸਦਿਆਂ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮਤੇ ਵਿੱਚ ਕਿਹਾ ਗਿਆ ਕਿ ਯੋਗ ਨਾਗਰਿਕਾਂ ਨੂੰ ਵੋਟਰ ਸੂਚੀਆਂ ਵਿੱਚੋਂ ਗਲਤ ਢੰਗ ਨਾਲ ਬਾਹਰ ਕੀਤੇ ਜਾਣ ਸਬੰਧੀ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਸਦਨ ਨੇ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ ਜਾਂ ਵਿਅਕਤੀ ਦੀ ਗ਼ਲਤੀ ਜਾਂ ਅਪਰਾਧਿਕ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਮਤੇ ਵਿੱਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਚੋਣ ਪ੍ਰਣਾਲੀ ਦੀ ਭਰੋਸੇਯੋਗਤਾ ਕਾਇਮ ਰੱਖਣ ਦੀ ਅਪੀਲ ਵੀ ਕੀਤੀ ਗਈ। ਇਸ ਦੇ ਨਾਲ ਹੀ ਮਤੇ ਦੀ ਕਾਪੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭੇਜਣ ਦੀ ਗੱਲ ਕਹੀ ਗਈ। ਵਿਧਾਨ ਸਭਾ ਵਿੱਚ ਮਤੇ ਦੇ ਵਿਰੋਧ ਵਿੱਚ ਕੋਈ ਵੋਟ ਨਾ ਪੈਣ ਕਾਰਨ ਇਸ ਨੂੰ ਸਰਬਸੰਮਤੀ ਨਾਲ ਪਾਸ ਐਲਾਨਿਆ ਗਿਆ।







