ਪੰਜਾਬ ‘ਚ ਹੁਣ ਪਰਾਲੀ ਨਾਲ ਤਿਆਰ ਹੋਣਗੀਆਂ ਇੱਟਾਂ!
ਭੱਠਿਆਂ ਵਿੱਚ 30 ਫ਼ੀਸਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਲਾਜ਼ਮੀ; ਡਿਪਟੀ ਕਮਿਸ਼ਨਰ ਵੱਲੋਂ ਭੱਠਾ ਮਾਲਕਾਂ ਨੂੰ ਹਦਾਇਤਾਂ, ਨਿਰੰਤਰ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ
ਬਠਿੰਡਾ 24 ਅਕਤੂਬਰ 2026
ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਭੱਠਾ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਪਸ਼ਟ ਕੀਤਾ ਕਿ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਪਕਾਉਣ ਵਾਲੇ ਭੱਠਿਆਂ ਵਿੱਚ ਬਾਲਣ ਵਜੋਂ ਘੱਟੋ-ਘੱਟ 30 ਫ਼ੀਸਦੀ ਝੋਨੇ ਦੀ ਪਰਾਲੀ ਤੋਂ ਤਿਆਰ ਕੀਤੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭੱਠਾ ਮਾਲਕਾਂ ਨੂੰ ਗਿੱਟੀਆਂ ਬਣਾਉਣ ਵਾਲੀਆਂ ਇਕਾਈਆਂ ਤੋਂ ਨਿਰੰਤਰ ਸਪਲਾਈ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਪਰਾਲੀ ਤੋਂ ਤਿਆਰ ਗਿੱਟੀਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਪਰਾਲੀ ਦੀ ਢੁਕਵੀਂ ਵਰਤੋਂ ਨਾਲ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਵਿੱਚ ਵੀ ਸੁਧਾਰ ਲਿਆਂਦਾ ਜਾ ਸਕਦਾ ਹੈ।







