ਅੰਮ੍ਰਿਤਸਰ ’ਚ 26 ਤੇ 27 ਅਕਤੂਬਰ ਨੂੰ ਡ੍ਰਾਈ ਡੇਅ, ਸ੍ਰੀ ਹਰਿਮੰਦਰ ਸਾਹਿਬ ਦੇ 500 ਮੀਟਰ ਘੇਰੇ ’ਚ ਸ਼ਰਾਬ, ਮੀਟ ਤੇ ਤੰਬਾਕੂ ਦੀ ਵਿਕਰੀ ’ਤੇ ਪਾਬੰਦੀ

Top Trending News ਪੰਜਾਬ

 

ਅੰਮ੍ਰਿਤਸਰ ’ਚ 26 ਤੇ 27 ਅਕਤੂਬਰ ਨੂੰ ਡ੍ਰਾਈ ਡੇਅ, ਸ੍ਰੀ ਹਰਿਮੰਦਰ ਸਾਹਿਬ ਦੇ 500 ਮੀਟਰ ਘੇਰੇ ’ਚ ਸ਼ਰਾਬ, ਮੀਟ ਤੇ ਤੰਬਾਕੂ ਦੀ ਵਿਕਰੀ ’ਤੇ ਪਾਬੰਦੀ

ਅੰਮ੍ਰਿਤਸਰ, 24 ਅਕਤੂਬਰ 2026: ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿੱਚ ਵਿਸ਼ੇਸ਼ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ 26 ਅਤੇ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੇਤ ਧਾਰਮਿਕ ਸਥਾਨਾਂ ਦੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ, ਮੀਟ, ਆਂਡੇ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ ਦਲਵਿੰਦਰਜੀਤ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ ਅਧੀਨ ਜਾਰੀ ਹੁਕਮਾਂ ਦਾ ਉਦੇਸ਼ ਧਾਰਮਿਕ ਸਮਾਗਮਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹੈ।

ਪ੍ਰਸ਼ਾਸਨ ਨੇ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਨਿਰਧਾਰਤ ਰੂਟਾਂ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਖੇਤਰਾਂ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਹੋਰ ਪਾਬੰਦੀਸ਼ੁਦਾ ਵਸਤਾਂ ਦੀ ਵਿਕਰੀ ’ਤੇ ਵੀ ਰੋਕ ਲਾਗੂ ਰਹੇਗੀ।

ਇਹ ਫੈਸਲਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੀਤੀਆਂ ਮੰਗਾਂ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਨੇ ਧਾਰਮਿਕ ਦਿਹਾੜਿਆਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਮਰਿਆਦਾ ਅਨੁਸਾਰ ਪ੍ਰਬੰਧ ਕਰਨ ਦੀ ਅਪੀਲ ਕੀਤੀ ਸੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਦੋਵੇਂ ਧਾਰਮਿਕ ਦਿਹਾੜਿਆਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ।