ਪ੍ਰਾਈਵੇਟ ਹਸਪਤਾਲਾਂ ਦੀ ਮਨਮਾਨੀ ਰੋਕਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ, ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਮੁੱਦਾ

Top Trending News ਚੰਡੀਗੜ੍ਹ ਪੰਜਾਬ

ਪ੍ਰਾਈਵੇਟ ਹਸਪਤਾਲਾਂ ਦੀ ਮਨਮਾਨੀ ਰੋਕਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ, ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਮੁੱਦਾ

ਮੋਹਾਲੀ, 24 ਅਕਤੂਬਰ 2026: ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ, ਵੱਡੇ ਬਿੱਲਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉੱਠਿਆ। ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਦੀ ਕਾਰਗੁਜ਼ਾਰੀ ’ਤੇ ਨਿਗਰਾਨੀ ਰੱਖਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ ਕੀਤੀ।

ਵਿਧਾਨ ਸਭਾ ਸੈਸ਼ਨ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਸਾਲ 2000 ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਰਿਜ਼ਰਵ ਕੀਮਤ ’ਤੇ ਜ਼ਮੀਨਾਂ ਇਸ ਸ਼ਰਤ ’ਤੇ ਅਲਾਟ ਕੀਤੀਆਂ ਜਾਂਦੀਆਂ ਰਹੀਆਂ ਹਨ ਕਿ ਉਹ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ 10 ਫ਼ੀਸਦੀ ਓਪੀਡੀ ਅਤੇ 5 ਫ਼ੀਸਦੀ ਇਨਡੋਰ ਇਲਾਜ ਮੁਫ਼ਤ ਜਾਂ ਰਿਆਇਤੀ ਦਰਾਂ ’ਤੇ ਮੁਹੱਈਆ ਕਰਵਾਉਣਗੇ।

ਉਨ੍ਹਾਂ ਸਵਾਲ ਕੀਤਾ ਕਿ ਹੁਣ ਤੱਕ ਕਿੰਨੇ ਲੋੜਵੰਦ ਮਰੀਜ਼ਾਂ ਨੂੰ ਇਸ ਸਹੂਲਤ ਦਾ ਲਾਭ ਮਿਲਿਆ ਹੈ ਅਤੇ ਸਰਕਾਰ ਨੇ ਇਸ ਸਬੰਧੀ ਕੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਹਸਪਤਾਲਾਂ ਤੋਂ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਕਈ ਮਾਮਲਿਆਂ ਵਿੱਚ ਇਲਾਜ ਦੇ ਭਾਰੀ ਬਿੱਲਾਂ ਨੂੰ ਲੈ ਕੇ ਮਰੀਜ਼ਾਂ ਦੇ ਪਰਿਵਾਰਾਂ ਅਤੇ ਹਸਪਤਾਲ ਪ੍ਰਬੰਧਕਾਂ ਵਿਚਕਾਰ ਵਿਵਾਦ ਪੈਦਾ ਹੋ ਜਾਂਦੇ ਹਨ। ਅਜਿਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਰੀਜ਼ਾਂ ਦੇ ਹਿੱਤਾਂ ਦੀ ਰਾਖੀ ਲਈ ਸੁਤੰਤਰ ਨਿਗਰਾਨੀ ਪ੍ਰਣਾਲੀ ਜ਼ਰੂਰੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਵਾਬ ਵਿੱਚ ਵਿਧਾਇਕ ਨੂੰ ਇਸ ਮਾਮਲੇ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਮਾਮਲੇ ਵਿੱਚ ਜਲਦ ਕਦਮ ਚੁੱਕੇ ਜਾਣਗੇ।