BREAKING- ਅਮਿਤ ਸ਼ਾਹ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

Top Trending News ਰਾਸ਼ਟਰੀ

 

ਅਮਿਤ ਸ਼ਾਹ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

ਸੁਲਤਾਨਪੁਰ, 26 ਅਕਤੂਬਰ 2026: ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਸੁਲਤਾਨਪੁਰ ਦੀ ਵਿਸ਼ੇਸ਼ ਐੱਮਪੀ-ਐੱਮਐੱਲਏ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਰਾਹੁਲ ਗਾਂਧੀ ਖ਼ੁਦ ਅਦਾਲਤ ਵਿੱਚ ਮੌਜੂਦ ਸਨ।

ਇਹ ਕੇਸ ਭਾਜਪਾ ਆਗੂ ਵਿਜੇ ਮਿਸ਼ਰਾ ਵੱਲੋਂ ਦਾਇਰ ਕੀਤਾ ਗਿਆ ਸੀ। ਮਾਮਲਾ ਅਗਸਤ 2018 ਦਾ ਹੈ, ਜਦੋਂ ਅਮਿਤ ਸ਼ਾਹ ਭਾਜਪਾ ਦੇ ਕੌਮੀ ਪ੍ਰਧਾਨ ਸਨ। ਦੋਸ਼ ਸੀ ਕਿ ਬੈਂਗਲੁਰੂ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਅਮਿਤ ਸ਼ਾਹ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸੁਲਤਾਨਪੁਰ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ।

ਵਿਸ਼ੇਸ਼ ਐੱਮਪੀ-ਐੱਮਐੱਲਏ ਅਦਾਲਤ ਦੇ ਜੱਜ ਸ਼ੁਭਮ ਵਰਮਾ ਨੇ ਸੁਣਵਾਈ ਤੋਂ ਬਾਅਦ ਰਾਹੁਲ ਗਾਂਧੀ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ। ਉਨ੍ਹਾਂ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਫੈਸਲੇ ਤੋਂ ਬਾਅਦ ਅਦਾਲਤ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਖ਼ੁਸ਼ੀ ਮਨਾਈ ਅਤੇ ਢੋਲ ਵਜਾਏ। ਇਸ ਮੌਕੇ ਉੱਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਆਰਾਧਨਾ ਮਿਸ਼ਰਾ ਮੋਨਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਕਰੀਬ ਅੱਠ ਸਾਲਾਂ ਤੋਂ ਚੱਲ ਰਹੇ ਇਸ ਮਾਮਲੇ ਵਿੱਚ ਅਦਾਲਤ ਦੇ ਫੈਸਲੇ ਨੂੰ ਰਾਹੁਲ ਗਾਂਧੀ ਲਈ ਮਹੱਤਵਪੂਰਨ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।