ਪੰਜਾਬ ਦੀ ਧਰਤੀ ’ਤੇ ਅੱਜ ਤੋਂ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦਾ ਆਗਾਜ਼
ਚੰਡੀਗੜ੍ਹ 27 ਅਕਤੂਬਰ 2026
ਪੰਜਾਬ ਵਿੱਚ ਅੱਜ ਤੋਂ ਹਾਕੀ ਦੇ ਵੱਕਾਰੀ ਅੰਤਰਰਾਸ਼ਟਰੀ ਮੁਕਾਬਲੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਸ਼ਾਨਦਾਰ ਸ਼ੁਰੂਆਤ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੂਬੇ ਲਈ ਇਹ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਪੰਜਾਬ ਨੂੰ ਇਸ ਵੱਡੇ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਪੰਜਾਬ ਦੀ ਖੇਡ ਵਿਰਾਸਤ ਦਾ ਅਹਿਮ ਹਿੱਸਾ ਰਹੀ ਹੈ ਅਤੇ ਇਸ ਕੌਮਾਂਤਰੀ ਮੁਕਾਬਲੇ ਦੇ ਪੰਜਾਬ ਵਿੱਚ ਹੋਣ ਨਾਲ ਖੇਡ ਪ੍ਰੇਮੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਪਹੁੰਚ ਰਹੀਆਂ ਸਾਰੀਆਂ ਟੀਮਾਂ ਅਤੇ ਖਿਡਾਰੀਆਂ ਦਾ ਪੰਜਾਬ ਦੀ ਧਰਤੀ ’ਤੇ ਦਿਲੋਂ ਸਵਾਗਤ ਹੈ।
ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਕੌਮਾਂਤਰੀ ਖੇਡ ਸਮਾਗਮ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਵਾਂ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੀ ਖੇਡ ਪਛਾਣ ਨੂੰ ਹੋਰ ਮਜ਼ਬੂਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਖੇਡ ਮਹਾਕੁੰਭ ਨੂੰ ਯਾਦਗਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।







