BREAKING- ਮਜੀਠੀਆ ਨੂੰ CM ਮਾਨ ਦੇ OSD ਘੁੰਮਣ ਦਾ ਕਾਨੂੰਨੀ ਨੋਟਿਸ, 24 ਘੰਟਿਆਂ ’ਚ ਪੋਸਟ ਹਟਾਉਣ ਦੀ ਮੰਗ
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਕੀਤੀ ਪੋਸਟ ਦੇ ਮਾਮਲੇ ਵਿੱਚ ਕਾਨੂੰਨੀ ਨੋਟਿਸ ਭੇਜਿਆ ਹੈ।
ਜਾਣਕਾਰੀ ਅਨੁਸਾਰ, ਘੁੰਮਣ ਨੇ ਮਜੀਠੀਆ ਦੀ ਸੋਸ਼ਲ ਮੀਡੀਆ ਪੋਸਟ ਵਿੱਚ ਕੀਤੇ ਗਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਨੋਟਿਸ ਵਿੱਚ ਮਜੀਠੀਆ ਨੂੰ 24 ਘੰਟਿਆਂ ਦੇ ਅੰਦਰ ਸਬੰਧਤ ਪੋਸਟ ਹਟਾਉਣ, ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਲਈ ਕਿਹਾ ਗਿਆ ਹੈ।
ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਰਾਜਬੀਰ ਸਿੰਘ ਘੁੰਮਣ ਵੱਲੋਂ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੇ ਨਾਲ-ਨਾਲ ਮਾਣਹਾਨੀ ਦਾ ਮੁਕੱਦਮਾ ਵੀ ਦਾਇਰ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿੱਚ ਮਜੀਠੀਆ ਦਾ ਪੱਖ ਅਤੇ ਉਨ੍ਹਾਂ ਵੱਲੋਂ ਨੋਟਿਸ ’ਤੇ ਦਿੱਤਾ ਜਾਣ ਵਾਲਾ ਜਵਾਬ ਅਜੇ ਸਾਹਮਣੇ ਨਹੀਂ ਆਇਆ। ਇਸ ਘਟਨਾਕ੍ਰਮ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।







