- ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ; ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਨਮਾਨ
ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਈਆਂ ਸੰਗਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਚਾਰ ਜਥੇ ਜਾਂਦੇ ਹਨ ਅਤੇ ਉੱਥੇ ਵਸਦੇ ਸਿੱਖਾਂ ਦੀ ਵੀ ਭਾਵਨਾ ਹੈ ਕਿ ਉਹ ਭਾਰਤ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ। ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਵਾਂ ਦੇਸ਼ਾਂ ਦੇ ਸਿੱਖਾਂ ਨੂੰ ਖੁਲਦਿਲੀ ਨਾਲ ਵੀਜ਼ਾ ਦੇਣ, ਤਾਂ ਜੋ ਸਿੱਖ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਸਕਣ।







