Breaking: ਸੁਪਰੀਮ ਕੋਰਟ ਦਾ MP ਮਹੂਆ ਮੋਇਤਰਾ ਨੂੰ ਝਟਕਾ, AIF ਤੇ FPI ਨਿਵੇਸ਼ਕਾਂ ਦੇ ਅਸਲ ਮਾਲਕਾਂ ਦੀ ਜਨਤਕ ਪਛਾਣ ਕਰਵਾਉਣ ਦੀ ਪਟੀਸ਼ਨ ਖਾਰਜ

Top Trending News ਰਾਸ਼ਟਰੀ

MP ਮਹੂਆ ਮੋਇਤਰਾ ਨੂੰ ਸੁਪਰੀਮ ਕੋਰਟ ਤੋਂ ਝਟਕਾ, AIF ਤੇ FPI ਨਿਵੇਸ਼ਕਾਂ ਦੇ ਅਸਲ ਮਾਲਕਾਂ ਦੀ ਜਨਤਕ ਪਛਾਣ ਕਰਵਾਉਣ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 29 ਅਕਤੂਬਰ 2026: ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਸੇਬੀ (SEBI) ਨੂੰ ਵਿਕਲਪਕ ਨਿਵੇਸ਼ ਫੰਡਾਂ (AIFs) ਅਤੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (FPIs) ਦੇ ਅਸਲ ਮਾਲਕਾਂ ਦੀ ਪਛਾਣ ਜਨਤਕ ਕਰਨ ਲਈ ਨਿਯਮ ਬਣਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਜਸਟਿਸ ਬੀ.ਵੀ. ਨਾਗਰਤਨਾ, ਜਸਟਿਸ ਆਰ. ਮਹਾਦੇਵਨ ਅਤੇ ਜਸਟਿਸ ਡੀ.ਕੇ. ਉਪਾਧਿਆਏ ਦੇ ਬੈਂਚ ਨੇ ਕਿਹਾ ਕਿ ਮੌਜੂਦਾ ਕਾਨੂੰਨੀ ਜਾਂ ਰੈਗੂਲੇਟਰੀ ਢਾਂਚੇ ਵਿੱਚ ਅਜਿਹੀ ਜਾਣਕਾਰੀ ਜਨਤਕ ਕਰਨ ਦੀ ਲਾਜ਼ਮੀ ਵਿਵਸਥਾ ਨਹੀਂ ਹੈ। ਅਜਿਹੇ ਨਿਯਮ ਬਣਾਉਣਾ ਅਦਾਲਤ ਦਾ ਕੰਮ ਨਹੀਂ ਹੈ।

ਮੋਇਤਰਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦਲੀਲ ਦਿੱਤੀ ਕਿ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਨ ਵਾਲੇ ਕਰੋੜਾਂ ਛੋਟੇ ਨਿਵੇਸ਼ਕਾਂ ਨੂੰ ਇਹ ਜਾਣਨ ਦਾ ਹੱਕ ਹੋਣਾ ਚਾਹੀਦਾ ਹੈ ਕਿ ਵੱਡੇ ਨਿਵੇਸ਼ਾਂ ਪਿੱਛੇ ਅਸਲ ਵਿਅਕਤੀ ਕੌਣ ਹਨ। ਉਨ੍ਹਾਂ ਨੇ ਬਾਜ਼ਾਰ ਵਿੱਚ ਪਾਰਦਰਸ਼ਤਾ ਦੀ ਲੋੜ ’ਤੇ ਜ਼ੋਰ ਦਿੱਤਾ।

ਹਾਲਾਂਕਿ, ਕੇਂਦਰ ਸਰਕਾਰ ਅਤੇ ਸੇਬੀ ਵੱਲੋਂ ਪਟੀਸ਼ਨ ਦਾ ਵਿਰੋਧ ਕੀਤਾ ਗਿਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਕਾਨੂੰਨੀ ਢਾਂਚੇ ਦੀ ਗੈਰ-ਮੌਜੂਦਗੀ ਵਿੱਚ ਸੰਵਿਧਾਨ ਦੀ ਧਾਰਾ 32 ਤਹਿਤ ਅਜਿਹਾ ਨਿਰਦੇਸ਼ ਨਹੀਂ ਦਿੱਤਾ ਜਾ ਸਕਦਾ। ਇਸ ਤੋਂ ਬਾਅਦ ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ।