- ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ, 30 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਗੜੇ ਵੀ ਪੈ ਸਕਦੇ ਹਨ। ਇਸ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।
ਮੌਸਮ ਵਿੱਚ ਆਏ ਬਦਲਾਅ ਦਾ ਕਾਰਨ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਪੱਛਮੀ ਗੜਬੜੀ ਹੈ। ਇਹ ਸਮੁੰਦਰ ਤਲ ਤੋਂ 3.1 ਤੋਂ 4.5 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਹਵਾਈ ਪ੍ਰਣਾਲੀ ਦੇ ਰੂਪ ਵਿੱਚ ਬਣੀ ਹੋਈ ਹੈ। ਇਸ ਦੇ ਨਾਲ ਮੱਧ ਅਤੇ ਉੱਪਰਲੇ ਵਾਯੂਮੰਡਲ ਵਿੱਚ ਪੱਛਮੀ ਹਵਾਵਾਂ ਦਰਮਿਆਨ ਇੱਕ ਟਰੱਫ ਵੀ ਸਰਗਰਮ ਹੈ। ਇਸ ਤੋਂ ਇਲਾਵਾ ਦੱਖਣੀ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 1.5 ਕਿਲੋਮੀਟਰ ਦੀ ਉਚਾਈ ’ਤੇ ਪ੍ਰੇਰਿਤ ਚੱਕਰਵਾਤੀ ਹਵਾਈ ਪ੍ਰਣਾਲੀ ਬਣੀ ਹੋਈ ਹੈ। ਉੱਤਰੀ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਵੀ 0.9 ਕਿਲੋਮੀਟਰ ਦੀ ਉਚਾਈ ’ਤੇ ਅਜਿਹੀ ਪ੍ਰਣਾਲੀ ਸਰਗਰਮ ਹੈ।
ਮੌਸਮ ਵਿਭਾਗ ਅਨੁਸਾਰ 31 ਅਕਤੂਬਰ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਘੱਟ ਜਾਣਗੀਆਂ। 1 ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਇਸ ਤਰ੍ਹਾਂ ਦਿਨ ਵੇਲੇ ਹਲਕੀ ਗਰਮੀ ਅਤੇ ਸਵੇਰੇ ਤੇ ਰਾਤ ਸਮੇਂ ਠੰਢ ਮਹਿਸੂਸ ਹੋਵੇਗੀ। ਚੰਡੀਗੜ੍ਹ ਵਿੱਚ ਵੀ 30 ਅਕਤੂਬਰ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਰੁਕਣ ਅਤੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।







