ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਪਹਾੜਾਂ ’ਚ ਵੀ ਬਦਲੇਗਾ ਮੌਸਮ

Top Trending News ਪੰਜਾਬ ਰਾਸ਼ਟਰੀ

 

ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਪਹਾੜਾਂ ’ਚ ਵੀ ਬਦਲੇਗਾ ਮੌਸਮ

ਨਵੀਂ ਦਿੱਲੀ, 31 ਅਕਤੂਬਰ 2026: ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਅਕਤੂਬਰ ਮਹੀਨੇ ਵਿੱਚ ਠੰਢ ਨੇ ਨਵਾਂ ਰਿਕਾਰਡ ਬਣਾਇਆ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿੱਚ ਅੱਜ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਮੀਂਹ ਪੈਣ ਦੇ ਆਸਾਰ ਘੱਟ ਹਨ। ਦੂਜੇ ਪਾਸੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿੱਚ ਮੌਸਮ ਮੁੜ ਕਰਵਟ ਲੈ ਸਕਦਾ ਹੈ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੰਗਾਲ ਦੀ ਖਾੜੀ ਅਤੇ ਅੰਡਮਾਨ ਸਾਗਰ ਵਿੱਚ ਬਣ ਰਹੇ ਘੱਟ ਦਬਾਅ ਦੇ ਖੇਤਰ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 31 ਅਕਤੂਬਰ ਨੂੰ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 31 ਅਕਤੂਬਰ ਤੋਂ 2 ਨਵੰਬਰ ਤੱਕ ਮੀਂਹ ਦਾ ਅਲਰਟ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਮੱਧ ਪ੍ਰਦੇਸ਼, ਓਡੀਸ਼ਾ ਅਤੇ ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਹੈ।

ਦੱਖਣੀ ਭਾਰਤ ਵਿੱਚ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।