ਦਿਮਾਗ਼ੀ ਦੌਰੇ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸਟ੍ਰੋਕ ਦਿਵਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ:
ਵਿਸ਼ਵ ਸਟ੍ਰੋਕ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਦਿਮਾਗੀ ਦੌਰੇ (ਸਟ੍ਰੋਕ) ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਡਾ. ਜੈਨ ਨੇ ਕਿਹਾ ਕਿ ਸਟ੍ਰੋਕ ਸਬੰਧੀ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਟ੍ਰੋਕ ਦੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ ਤੇ ਘਰੇਲੂ ਇਲਾਜ ਜਾਂ ਉਡੀਕ ਕਰਨ ਦੀ ਬਜਾਏ ਤੁਰੰਤ ਹਸਪਤਾਲ ਪਹੁੰਚਣ। ਉਨ੍ਹਾਂ ਕਿਹਾ ਕਿ ਜ਼ਰੂਰੀ ਸਾਵਧਾਨੀਆਂ ਵਰਤਦਿਆਂ ਸਮੇਂ ਸਿਰ ਇਲਾਜ ਨਾਲ ਮਰੀਜ਼ ਦੀ ਜਾਨ ਬਚਾਉਣ ਅਤੇ ਸਰੀਰਕ ਅਪੰਗਤਾ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਮੈਡੀਸਨ ਮਾਹਰ ਡਾ. ਈਸ਼ਾ ਅਰੋੜਾ ਨੇ ਵਿਸਥਾਰ ਸਹਿਤ ਦਸਿਆ ਕਿ ਸਟ੍ਰੋਕ ਇੱਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜਿਸ ਵਿੱਚ ਦਿਮਾਗ ਦੇ ਕਿਸੇ ਹਿੱਸੇ ਤੱਕ ਖੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਦਿਮਾਗ ਦੀ ਕੋਈ ਨਾੜੀ ਫਟ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦਸਿਆ ਕਿ ਅਚਾਨਕ ਚਿਹਰੇ ਦਾ ਇੱਕ ਪਾਸਾ ਲਟਕਣਾ, ਬਾਂਹ ਜਾਂ ਲੱਤ ਵਿੱਚ ਕਮਜ਼ੋਰੀ ਜਾਂ ਸੁੰਨਾਪਣ ਮਹਿਸੂਸ ਹੋਣਾ, ਬੋਲਣ ਜਾਂ ਗੱਲ ਸਮਝਣ ਵਿੱਚ ਮੁਸ਼ਕਲ ਆਉਣਾ, ਅਚਾਨਕ ਨਜ਼ਰ ਧੁੰਦਲੀ ਹੋਣਾ, ਚੱਕਰ ਆਉਣਾ ਜਾਂ ਸਰੀਰ ਦਾ ਸੰਤੁਲਨ ਵਿਗੜਨਾ ਸਟ੍ਰੋਕ ਦੇ ਮੁੱਖ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ਤੇ ਬਿਲਕੁਲ ਵੀ ਦੇਰੀ ਨਹੀਂ ਕਰਨੀ ਚਾਹੀਦੀ ਅਤੇ ਮਰੀਜ਼ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ ਜਾਂ ਐਂਬੂਲੈਂਸ ਸੇਵਾ 108 ਦੀ ਮਦਦ ਲੈਣੀ ਚਾਹੀਦੀ ਹੈ।
ਉਨ੍ਹਾਂ ਸਟ੍ਰੋਕ ਦੇ ਖ਼ਤਰੇ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਵਧਿਆ ਹੋਇਆ ਕੋਲੈਸਟ੍ਰੋਲ, ਸਿਗਰਟਨੋਸ਼ੀ, ਤੰਬਾਕੂ ਦਾ ਸੇਵਨ, ਮੋਟਾਪਾ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਸਟ੍ਰੋਕ ਦਾ ਖ਼ਤਰਾ ਵਧਾ ਸਕਦੇ ਹਨ। ਇਸ ਤੋਂ ਬਚਾਅ ਲਈ ਉਨ੍ਹਾਂ ਸੰਤੁਲਿਤ ਖੁਰਾਕ ਲੈਣ, ਰੋਜ਼ਾਨਾ ਕਸਰਤ ਕਰਨ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਤੰਬਾਕੂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਟ੍ਰੋਕ ਸਬੰਧੀ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨਾਲ ਵੀ ਸਾਂਝੀ ਕਰਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ।







