ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, 13 ਸਾਲਾਂ ਬਾਅਦ ਜਿੱਤੀ ਵੱਕਾਰੀ ਵਿਨੂ ਮਾਂਕੜ ਟਰਾਫੀ

Top Trending News ਖੇਡਾਂ ਪੰਜਾਬ
  • ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, 13 ਸਾਲਾਂ ਬਾਅਦ ਜਿੱਤੀ ਵੱਕਾਰੀ ਵਿਨੂ ਮਾਂਕੜ ਟਰਾਫੀ
  • ਬਠਿੰਡਾ ਦੇ ਦੋ ਹੋਣਹਾਰ ਖਿਡਾਰੀਆਂ ਤਨਮੈ ਧਰਨੀ ਅਤੇ ਲਕਸ਼ ਕਾਂਸਲ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਬਠਿੰਡਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਨਵਾਂ ਸੁਨਹਿਰੀ ਅਧਿਆਏ ਜੁੜ ਗਿਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਅੰਡਰ-19 ਕ੍ਰਿਕਟ ਟੀਮ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਵੱਕਾਰੀ ਵਿਨੂ ਮਾਂਕੜ ਟਰਾਫੀ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। 13 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ ਦੀ ਨੌਜਵਾਨ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਵੱਕਾਰੀ ਖਿਤਾਬ ਆਪਣੇ ਨਾਮ ਕੀਤਾ ਹੈ।

ਪੰਜਾਬ ਦੀ ਇਸ ਇਤਿਹਾਸਕ ਜਿੱਤ ਵਿੱਚ ਬਠਿੰਡਾ ਦੇ ਦੋ ਹੋਣਹਾਰ ਖਿਡਾਰੀਆਂ ਤਨਮੈ ਧਰਨੀ ਅਤੇ ਲਕਸ਼ ਕਾਂਸਲ ਦੀ ਭਾਗੀਦਾਰੀ ਨੇ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਮਾਣ ਦਾ ਮੌਕਾ ਪ੍ਰਦਾਨ ਕੀਤਾ ਹੈ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਉਪਲੱਖ ਵਿੱਚ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੋਵਾਂ ਖਿਡਾਰੀਆਂ ਨੂੰ ਸ਼ਾਲ ਓੜ੍ਹਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੋਵਾਂ ਨੌਜਵਾਨ ਖਿਡਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਤਨਮੈ ਧਰਨੀ ਅਤੇ ਲਕਸ਼ ਕਾਂਸਲ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਬਲ ’ਤੇ ਨਾ ਸਿਰਫ਼ ਆਪਣੇ ਮਾਤਾ-ਪਿਤਾ, ਸਗੋਂ ਪੂਰੇ ਬਠਿੰਡਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸ਼ਹਿਰ ਦੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾ ਸਰੋਤ ਹੈ।

ਮੇਅਰ ਸ੍ਰੀ ਮਹਿਤਾ ਨੇ ਕਿਹਾ, “ਖੇਡਾਂ ਵਿੱਚ ਸਫਲਤਾ ਲਈ ਪ੍ਰਤਿਭਾ ਦੇ ਨਾਲ-ਨਾਲ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਸੰਕਲਪ ਦੀ ਲੋੜ ਹੁੰਦੀ ਹੈ। ਤਨਮੈ ਧਰਨੀ ਅਤੇ ਲਕਸ਼ ਕਾਂਸਲ ਨੇ ਜਿਸ ਤਰ੍ਹਾਂ ਪੰਜਾਬ ਦੀ ਜੇਤੂ ਟੀਮ ਦਾ ਹਿੱਸਾ ਬਣ ਕੇ ਬਠਿੰਡਾ ਦਾ ਮਾਣ ਵਧਾਇਆ ਹੈ, ਉਹ ਸੱਚਮੁੱਚ ਮਾਣ ਵਾਲੀ ਗੱਲ ਹੈ। ਸਾਨੂੰ ਵਿਸ਼ਵਾਸ ਹੈ ਕਿ ਇਹ ਦੋਵੇਂ ਖਿਡਾਰੀ ਭਵਿੱਖ ਵਿੱਚ ਵੀ ਆਪਣੀ ਪ੍ਰਤਿਭਾ ਨਾਲ ਨਵੀਆਂ ਬੁਲੰਦੀਆਂ ਨੂੰ ਛੂਹਣਗੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।”

ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸਾਬਤ ਕਰਦੀਆਂ ਹਨ ਕਿ ਬਠਿੰਡਾ ਵਿੱਚ ਖੇਡ ਪ੍ਰਤਿਭਾਵਾਂ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ, ਉਤਸ਼ਾਹ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਦੀ ਹੈ। ਮੇਅਰ ਨੇ ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਜਾਬ ਦੀ ਅੰਡਰ-19 ਟੀਮ ਇਸ ਮੁਕਾਬਲੇ ਵਿੱਚ ਰਨਰ-ਅੱਪ ਰਹੀ ਸੀ, ਪਰ ਇਸ ਵਾਰ ਟੀਮ ਨੇ ਆਪਣੀ ਸਖ਼ਤ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਬਿਹਤਰੀਨ ਟੀਮ ਵਰਕ ਦੇ ਦਮ ’ਤੇ ਪੂਰੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਪੰਜਾਬ ਦੇ ਨੌਜਵਾਨ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਸਾਬਤ ਕਰ ਦਿੱਤਾ ਕਿ ਉਹ ਰਾਸ਼ਟਰੀ ਪੱਧਰ ’ਤੇ ਕਿਸੇ ਤੋਂ ਪਿੱਛੇ ਨਹੀਂ ਹਨ।

ਇਸ ਇਤਿਹਾਸਕ ਸਫਲਤਾ ’ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਵੀ ਟੀਮ ਦੀ ਸ਼ਾਨਦਾਰ ਪ੍ਰਾਪਤੀ ਅਤੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਟੀਮ ਨੇ ਸਾਂਝੇ ਯਤਨਾਂ ਅਤੇ ਮਜ਼ਬੂਤ ਖੇਡ ਭਾਵਨਾ ਨਾਲ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ।

ਅਮਰਜੀਤ ਮਹਿਤਾ ਨੇ ਕਿਹਾ ਕਿ, “ਵਿਨੂ ਮਾਂਕੜ ਟਰਾਫੀ ਵਰਗੇ ਵੱਕਾਰੀ ਟੂਰਨਾਮੈਂਟ ਨੂੰ 13 ਸਾਲਾਂ ਬਾਅਦ ਜਿੱਤਣਾ ਪੰਜਾਬ ਕ੍ਰਿਕਟ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਪਲ ਹੈ। ਸਾਡੇ ਨੌਜਵਾਨ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਅਨੁਸ਼ਾਸਨ ਅਤੇ ਸੰਘਰਸ਼ ਦੇ ਬਲ ’ਤੇ ਇਹ ਮੁਕਾਮ ਹਾਸਲ ਕੀਤਾ ਹੈ। ਇਹ ਜਿੱਤ ਭਵਿੱਖ ਵਿੱਚ ਪੰਜਾਬ ਕ੍ਰਿਕਟ ਲਈ ਨਵੀਆਂ ਸੰਭਾਵਨਾਵਾਂ ਅਤੇ ਨਵੀਆਂ ਪ੍ਰਤਿਭਾਵਾਂ ਦੇ ਦਰਵਾਜ਼ੇ ਖੋਲ੍ਹੇਗੀ।”

ਉਨ੍ਹਾਂ ਟੀਮ ਦੇ ਸਾਰੇ ਖਿਡਾਰੀਆਂ, ਕੋਚਿੰਗ ਸਟਾਫ ਅਤੇ ਇਸ ਸਫਲਤਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੀਸੀਏ ਭਵਿੱਖ ਵਿੱਚ ਵੀ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹੇਗਾ।