- ਡੇਰਾ ਬਿਆਸ ਦੇ ਸੇਵਾਦਾਰ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ/ਬਿਆਸ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਜ਼ਿਲ੍ਹੇ ਦੇ ਬਿਆਸ ਨੇੜਲੇ ਪਿੰਡ ਗਾਜੀਵਾਲ ਵਿੱਚ ਸ਼ਨੀਵਾਰ ਦੁਪਹਿਰ ਜ਼ਮੀਨੀ ਵਿਵਾਦ ਕਾਰਨ ਗੋਲੀਬਾਰੀ ਹੋ ਗਈ। ਇਸ ਦੌਰਾਨ ਡੇਰਾ ਬਿਆਸ ਦੇ ਇੱਕ ਸੇਵਾਦਾਰ ਮਨਜੀਤ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਦਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਵਾਰਦਾਤ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਮੁੱਖ ਮੁਲਜ਼ਮ ਯੁੱਧਵੀਰ ਸਿੰਘ, ਉਸ ਦੀ ਪਤਨੀ ਅਤੇ ਕਰੀਬ 16 ਸਾਲਾ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ, ਮੁਲਜ਼ਮ ਨੂੰ ਗੱਡੀ ਵਿੱਚ ਲਿਜਾਂਦੇ ਸਮੇਂ ਉਸ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਅਤੇ ਸਬ-ਇੰਸਪੈਕਟਰ ਜਤਿੰਦਰ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਹੱਥੋਪਾਈ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਲੱਤ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
15 ਤੋਂ 20 ਰਾਊਂਡ ਫਾਇਰਿੰਗ ਹੋਣ ਦਾ ਖ਼ਦਸ਼ਾ
ਅੰਮ੍ਰਿਤਸਰ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਜ਼ਮੀਨੀ ਵਿਵਾਦ ਨਾਲ ਸਬੰਧਤ ਸਾਹਮਣੇ ਆਇਆ ਹੈ। ਘਟਨਾ ਵਾਲੀ ਥਾਂ ’ਤੇ ਲਗਭਗ 15 ਤੋਂ 20 ਰਾਊਂਡ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ, ਹਾਲਾਂਕਿ ਗੋਲੀਆਂ ਦੀ ਸਹੀ ਗਿਣਤੀ ਦੀ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮਿਲਣ ਮਗਰੋਂ ਡੀਐੱਸਪੀ ਇਨਵੈਸਟੀਗੇਸ਼ਨ, ਡੀਐੱਸਪੀ ਬਾਬਾ ਬਕਾਲਾ, ਸੀਆਈਏ ਟੀਮ ਅਤੇ ਬਿਆਸ ਥਾਣੇ ਦੇ ਐੱਸਐੱਚਓ ਸਮੇਤ ਪੁਲਿਸ ਅਧਿਕਾਰੀ ਫੋਰੈਂਸਿਕ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ਕੋਲੋਂ ਹਥਿਆਰ ਤੇ ਗੋਲੀ-ਸਿੱਕਾ ਬਰਾਮਦ
ਐੱਸਐੱਸਪੀ ਅਨੁਸਾਰ, ਮੁੱਖ ਮੁਲਜ਼ਮ ਯੁੱਧਵੀਰ ਸਿੰਘ ਨੇ ਆਪਣੇ ਘਰ ਦੀ ਛੱਤ ’ਤੇ ਚੜ੍ਹ ਕੇ ਫਾਇਰਿੰਗ ਕੀਤੀ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ, ਦੋ .30 ਬੋਰ ਪਿਸਤੌਲ, ਇੱਕ 12 ਬੋਰ ਬੰਦੂਕ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ, ਮੁਲਜ਼ਮ ਪੁਲਿਸ ਦੀ ਗੱਡੀ ਵਿੱਚ ਬੈਠਣ ਤੋਂ ਬਾਅਦ ਹਮਲਾਵਰ ਹੋ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਇਸ ਦੌਰਾਨ ਉਸ ਨੇ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹਣ ਦੀ ਕੋਸ਼ਿਸ਼ ਵੀ ਕੀਤੀ। ਹੱਥੋਪਾਈ ਦੌਰਾਨ ਗੋਲੀ ਉਸ ਦੀ ਲੱਤ ਵਿੱਚ ਲੱਗੀ।
ਛੇ ਕਨਾਲ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਯੁੱਧਵੀਰ ਦੇ ਨਾਨਕਿਆਂ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨਾਨਕਾ ਪਰਿਵਾਰ ਜ਼ਮੀਨ ਵੇਚ ਕੇ ਦੂਜੀ ਧਿਰ ਨੂੰ ਦੇ ਚੁੱਕਾ ਸੀ, ਪਰ ਯੁੱਧਵੀਰ ਉਸ ਜ਼ਮੀਨ ’ਤੇ ਆਪਣਾ ਕਬਜ਼ਾ ਹੋਣ ਦਾ ਦਾਅਵਾ ਕਰ ਰਿਹਾ ਸੀ। ਇਸੇ ਵਿਵਾਦ ਕਾਰਨ ਦੋਵੇਂ ਧਿਰਾਂ ਜ਼ਮੀਨ ’ਤੇ ਕਬਜ਼ਾ ਲੈਣ ਲਈ ਪਹੁੰਚੀਆਂ ਸਨ ਅਤੇ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ। ਵਿਵਾਦਤ ਜ਼ਮੀਨ ਲਗਭਗ ਛੇ ਕਨਾਲ ਦੱਸੀ ਜਾ ਰਹੀ ਹੈ, ਜਿਸ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ।
ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਵਿੱਚ ਕਿਸੇ ਸੰਸਥਾ ਨਾਲ ਜੁੜਿਆ ਵਿਵਾਦ ਸਾਹਮਣੇ ਨਹੀਂ ਆਇਆ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।







