Breaking: MLA ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਇਕੀ ਖ਼ਤਰੇ ’ਚ! AAP ਵੱਲੋਂ ਮੈਂਬਰਸ਼ਿਪ ਰੱਦ ਕਰਵਾਉਣ ਦੀ ਤਿਆਰੀ
ਚੰਡੀਗੜ੍ਹ, 1 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਆਪਣੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਲਈ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ AAP ਵੱਲੋਂ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੋਲ ਮੰਗ ਰੱਖੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਆਮ ਆਦਮੀ ਪਾਰਟੀ ਪਹਿਲਾਂ ਹੀ ਮੁਅੱਤਲ ਕਰ ਚੁੱਕੀ ਹੈ। ਇਸ ਕਾਰਵਾਈ ਤੋਂ ਬਾਅਦ ਦੋਵਾਂ ਆਗੂਆਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਹੁਣ ਪਾਰਟੀ ਵੱਲੋਂ ਉਨ੍ਹਾਂ ਦੀ ਵਿਧਾਇਕੀ ਖ਼ਤਮ ਕਰਵਾਉਣ ਲਈ ਵਿਧਾਨਕ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਸਪੀਕਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਪੰਜਾਬ ਦੀ ਵਿਧਾਨ ਸਭਾ ਅਤੇ ਸਿਆਸੀ ਸਮੀਕਰਨਾਂ ’ਤੇ ਇਸ ਦਾ ਅਸਰ ਪੈ ਸਕਦਾ ਹੈ।
ਹਾਲਾਂਕਿ, ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੋਣ ਬਾਰੇ ਅੰਤਿਮ ਫੈਸਲਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਲਾਗੂ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਲਿਆ ਜਾਵੇਗਾ।







