CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Top Trending News ਪੰਜਾਬ
  • CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਯੁਕਤੀਆਂ ਦੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਨੇ ਅੰਦਰੂਨੀ ਪੱਧਰ ’ਤੇ ਮਿਹਨਤ ਕੀਤੀ ਹੈ।

ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਨੌਕਰੀਆਂ ਸਿਫ਼ਾਰਸ਼ਾਂ ਦੀ ਬਜਾਏ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪਿਛਲੇ ਸਮੇਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਹਿਲਾਂ ਨੌਕਰੀਆਂ ਹਾਸਲ ਕਰਨ ਲਈ ਪੈਸੇ ਦੇਣੇ ਪੈਂਦੇ ਸਨ ਅਤੇ ਨੋਟਾਂ ਨਾਲ ਭਰੇ ਅਟੈਚੀ ਪਹੁੰਚਾਉਣੇ ਪੈਂਦੇ ਸਨ। ਉਨ੍ਹਾਂ ਦੱਸਿਆ ਕਿ 600 ਤੋਂ ਵੱਧ ਹੋਰ ਨੌਕਰੀਆਂ ਦਿੱਤੀਆਂ ਜਾਣੀਆਂ ਬਾਕੀ ਹਨ, ਜਿਨ੍ਹਾਂ ਦੇ ਨਿਯੁਕਤੀ ਪੱਤਰ ਅਗਲੇ ਹਫ਼ਤੇ ਸੌਂਪੇ ਜਾਣਗੇ।

ਇਸ ਮੌਕੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਬਣਿਆਂ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਵਿਰੋਧੀ ਧਿਰਾਂ ਉਨ੍ਹਾਂ ’ਤੇ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਵੀ ਦੋਸ਼ ਲਾ ਕੇ ਦਿਖਾਉਣ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਹਥਕੰਡੇ ਅਪਣਾਏ ਜਾ ਸਕਦੇ ਹਨ। ਕੋਈ ਈਡੀ ਭੇਜਣ ਦੀ ਗੱਲ ਕਰੇਗਾ ਅਤੇ ਕੋਈ ਸੀਬੀਆਈ ਦੀ ਛਾਪੇਮਾਰੀ ਕਰਵਾਏਗਾ।

ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਚੋਣਾਂ ਜਿੱਤਣ ਲਈ ਅਜਿਹੇ ਤਰੀਕੇ ਅਪਣਾਉਣ ਦੀ ਆਦਤ ਹੈ। ਉਨ੍ਹਾਂ ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਵੋਟਰ ਸੂਚੀਆਂ ਵਿੱਚ ਨਾਂ ਕਟਵਾਉਣ ਅਤੇ ਨਵੇਂ ਨਾਂ ਦਰਜ ਕਰਵਾਉਣ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੇ ਸਾਥ ’ਤੇ ਭਰੋਸਾ ਹੈ।