ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਦੀ ਕੈਮਿਸਟ ਸ਼ਾਪ ਤੋੜਨ ਦੇ ਮਾਮਲੇ ’ਚ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Top Trending News ਪੰਜਾਬ
  • ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਦੀ ਕੈਮਿਸਟ ਸ਼ਾਪ ਤੋੜਨ ਦੇ ਮਾਮਲੇ ’ਚ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
  • ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ

ਮਾਨਸਾ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਜਾਂਚ ਏਜੰਸੀਆਂ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਮਾਨਸਾ ਪੁਲਿਸ ਨੇ ਕੇਮਿਸਟ ਸ਼ਾਪ ਤੋੜਨ ਦੇ ਮਾਮਲੇ ਵਿੱਚ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬੁੱਧਵਾਰ ਨੂੰ ਪੁਲਿਸ ਨੇ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਦੀ ਟੁੱਟੀ ਹੋਈ ਦੁਕਾਨ ਦਾ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਸੀਬੀਆਈ ਦੀ ਟੀਮ ਅਤੇ ਪੁਲਿਸ ਅਧਿਕਾਰੀ ਜੇਸੀਬੀ ਮਸ਼ੀਨ ਲੈ ਕੇ ਮੌਕੇ ’ਤੇ ਪਹੁੰਚੇ। ਇਹ ਕਾਰਵਾਈ ਮੌਕੇ ਤੋਂ ਸਬੂਤ ਇਕੱਠੇ ਕਰਨ ਦੇ ਮਕਸਦ ਨਾਲ ਕੀਤੀ ਜਾ ਰਹੀ ਹੈ।

ਮਾਨਸਾ ਪੁਲਿਸ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮਲਬਾ ਹਟਾਉਣ ਵਾਲੇ ਨੌਜਵਾਨਾਂ ਖ਼ਿਲਾਫ਼ 15 ਅਕਤੂਬਰ ਨੂੰ ਹੀ ਕੇਸ ਦਰਜ ਕਰ ਲਿਆ ਗਿਆ ਸੀ। ਦੂਜੇ ਪਾਸੇ, ਪਰਿਵਾਰ ਅਜੇ ਤੱਕ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਰਨ ਲਈ ਸਹਿਮਤ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ 13 ਅਕਤੂਬਰ 2026 ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮੈਡੀਕਲ ਸਟੋਰ ਦਾ ਸੰਚਾਲਕ ਅਸ਼ਵਨੀ ਕੁਮਾਰ ਮੁੱਖ ਮੁਲਜ਼ਮ ਹੈ। ਝੋਟਾ ਦੀ ਮ੍ਰਿਤਕ ਦੇਹ ਦਾ ਅਜੇ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਗਿਆ।

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਝੋਟਾ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਮੰਗਿਆ ਹੈ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜੇਕਰ ਮੁਲਜ਼ਮ ਦੇ ਮਕਾਨ ਢਾਹੇ ਗਏ ਹਨ ਤਾਂ ਇਸ ਬਾਰੇ ਜਾਣਕਾਰੀ ਅਤੇ ਅਪਣਾਈ ਗਈ ਕਾਨੂੰਨੀ ਪ੍ਰਕਿਰਿਆ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇ। ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਖ਼ੁਦ ਨੋਟਿਸ ਲੈਂਦਿਆਂ ਦਾਇਰ ਕੀਤੀ ਜਨਹਿੱਤ ਪਟੀਸ਼ਨ ਅਤੇ ਲਾਭ ਸਿੰਘ ਵੱਲੋਂ ਦਾਇਰ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ।

ਅਗਲੀ ਸੁਣਵਾਈ 15 ਦਸੰਬਰ ਨੂੰ
ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਤੋਂ ਬਾਅਦ ਅਖ਼ਬਾਰਾਂ ਵਿੱਚ ਵੀ ਇਸ ਮਾਮਲੇ ਨਾਲ ਜੁੜੀਆਂ ਕਈ ਘਟਨਾਵਾਂ ਅਤੇ ਗਤੀਵਿਧੀਆਂ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਸਨ। ਪਟੀਸ਼ਨਕਰਤਾਵਾਂ ਵੱਲੋਂ ਸੀਨੀਅਰ ਵਕੀਲ ਬਲਤੇਜ ਸਿੰਘ ਸਿੱਧੂ ਨੇ ਵਕੀਲ ਹਿੰਮਤ ਸਿੰਘ ਸਿੱਧੂ, ਮੰਨਤ ਖੁਰਾਣਾ ਅਤੇ ਅਰਜੁਨ ਸਿੰਘ ਨਾਲ ਮਿਲ ਕੇ ਪੱਖ ਰੱਖਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।