Big Breaking: ਦੀਵਾਲੀ ਮੌਕੇ ਅਯੁੱਧਿਆ, ਵਾਰਾਣਸੀ ਤੇ ਮਥੁਰਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਉੱਤਰ ਪ੍ਰਦੇਸ਼ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

Top Trending News ਰਾਸ਼ਟਰੀ

 

Big Breaking: ਦੀਵਾਲੀ ਮੌਕੇ ਅਯੁੱਧਿਆ, ਵਾਰਾਣਸੀ ਤੇ ਮਥੁਰਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਉੱਤਰ ਪ੍ਰਦੇਸ਼ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

ਲਖਨਊ 5 ਨਵੰਬਰ 2026

ਦੀਵਾਲੀ, ਧਨਤੇਰਸ ਅਤੇ ਛੱਠ ਪੂਜਾ ਦੇ ਤਿਉਹਾਰਾਂ ਦੌਰਾਨ ਉੱਤਰ ਪ੍ਰਦੇਸ਼ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਅਯੁੱਧਿਆ, ਵਾਰਾਣਸੀ ਅਤੇ ਮਥੁਰਾ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ। ਇੱਕ ਈ-ਮੇਲ ਰਾਹੀਂ ਭੇਜੀ ਗਈ ਇਸ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਤਿਉਹਾਰਾਂ ਦੇ ਮੱਦੇਨਜ਼ਰ ਇਨ੍ਹਾਂ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਆਮਦ ਹੋ ਰਹੀ ਹੈ। ਬਾਜ਼ਾਰਾਂ, ਧਾਰਮਿਕ ਅਸਥਾਨਾਂ ਅਤੇ ਜਨਤਕ ਥਾਵਾਂ ’ਤੇ ਰੌਣਕਾਂ ਲੱਗੀਆਂ ਹੋਈਆਂ ਹਨ। ਅਜਿਹੇ ਸਮੇਂ ਮਿਲੀ ਧਮਕੀ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

ਧਮਕੀ ਮਿਲਣ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਚੌਕਸ ਹੋ ਗਈ ਹੈ। ਅਯੁੱਧਿਆ, ਵਾਰਾਣਸੀ ਅਤੇ ਮਥੁਰਾ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕਰਕੇ ਚੌਕ-ਚੌਰਾਹਿਆਂ, ਬਾਜ਼ਾਰਾਂ, ਧਾਰਮਿਕ ਅਸਥਾਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਧਮਕੀ ਭਰੇ ਈ-ਮੇਲ ਦੀ ਪੜਤਾਲ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ, ਧਮਕੀ ਦੀ ਸੱਚਾਈ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।