BREAKING- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, ਹਾਈਕੋਰਟ ਦੇ ਫ਼ੈਸਲੇ ‘ਤੇ ਲਾਈ ਰੋਕ

Top Trending News ਪੰਜਾਬ ਰਾਸ਼ਟਰੀ

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, ਹਾਈਕੋਰਟ ਦੇ ਫ਼ੈਸਲੇ ‘ਤੇ ਲਾਈ ਰੋਕ

ਚੰਡੀਗੜ੍ਹ, 5 ਨਵੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਕਾਫ਼ੀ ਸਮੇਂ ਤੋਂ ਚੱਲ ਰਹੇ ਚਰਚਿਤ ਮਾਮਲੇ ਵਿੱਚ ਅੱਜ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਵੱਲੋਂ ਇੱਕ ਬਹੁਤ ਹੀ ਅਹਿਮ ਹੁਕਮ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਸਬੰਧੀ ਦਿੱਤੇ ਗਏ ਫ਼ੈਸਲੇ ‘ਤੇ ਅੰਤਰਿਮ ਰੋਕ (ਸਟੇਅ) ਲਗਾ ਦਿੱਤੀ ਹੈ।

ਅਦਾਲਤ ਦੇ ਇਸ ਹੁਕਮ ਨਾਲ ਜਿੱਥੇ ਪੰਜਾਬ ਸਰਕਾਰ ਨੂੰ ਅਦਾਲਤੀ ਕਾਰਵਾਈ ਤੋਂ ਕੁੱਝ ਸਮੇਂ ਦੀ ਰਾਹਤ ਮਿਲੀ ਹੈ, ਉੱਥੇ ਹੀ ਸੂਬੇ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਸੇਵਾਮੁਕਤ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ ਅਦਾਲਤ ਦੀਆਂ ਅਗਲੀਆਂ ਹਦਾਇਤਾਂ ‘ਤੇ ਜਾ ਟਿਕੀਆਂ ਹਨ।

ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਲਈ ਅਗਲੀ ਰੂਪ-ਰੇਖਾ ਅਤੇ ਯੋਜਨਾ ਪੇਸ਼ ਕਰਨ ਵਾਸਤੇ 1 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨੂੰ 1 ਦਸੰਬਰ ਤੱਕ ਸੁਪਰੀਮ ਕੋਰਟ ਸਾਹਮਣੇ ਆਪਣਾ ਪੱਖ ਰੱਖਦਿਆਂ ਇਹ ਦੱਸਣਾ ਹੋਵੇਗਾ ਕਿ ਉਹ ਮੁਲਾਜ਼ਮਾਂ ਦੇ ਬਕਾਏ ਦੀ ਭਰਪਾਈ ਕਿਸ ਤਰੀਕੇ ਨਾਲ ਅਤੇ ਕਿਹੜੇ ਚਰਨਾਂ ਵਿੱਚ ਕਰੇਗੀ। ਇਸ ਦੇ ਨਾਲ ਹੀ ਸਰਵਉੱਚ ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ 31 ਮਾਰਚ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ।