ਪੰਜਾਬ ’ਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ, 40.37 ਲੱਖ ਰੁਪਏ ਜੁਰਮਾਨਾ ਲਗਾਇਆ; ਤਰਨਤਾਰਨ ਸਭ ਤੋਂ ਅੱਗੇ
ਪਟਿਆਲਾ, 5 ਨਵੰਬਰ 2026: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਵਾਤਾਵਰਣ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ 40.37 ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 23.05 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ।
ਬੋਰਡ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਜਾਂਚ ਲਈ 1,942 ਖੇਤਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚੋਂ 868 ਥਾਵਾਂ ’ਤੇ ਅੱਗ ਲੱਗਣ ਦੀ ਪੁਸ਼ਟੀ ਹੋਈ। ਇਸ ਤੋਂ ਇਲਾਵਾ 801 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ।
ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਹੈ। ਹੁਣ ਤੱਕ 647 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦਕਿ 723 ਮਾਮਲਿਆਂ ਵਿੱਚ ਮਾਲ ਰਿਕਾਰਡ ਅੰਦਰ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ 689 ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ।
ਜ਼ਿਲ੍ਹਿਆਂ ਦੇ ਅੰਕੜਿਆਂ ਵਿੱਚ ਤਰਨਤਾਰਨ 558 ਮਾਮਲਿਆਂ ਨਾਲ ਸਭ ਤੋਂ ਉੱਪਰ ਹੈ। ਇਹ ਅੰਕੜੇ ਪਰਾਲੀ ਪ੍ਰਬੰਧਨ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਚੱਲ ਰਹੀਆਂ ਸਰਕਾਰੀ ਕਾਰਵਾਈਆਂ ਦੀ ਸਥਿਤੀ ਦਰਸਾਉਂਦੇ ਹਨ।




