- ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿਖੇ ਦਿੱਤਾ ਸੂਬਾ ਪੱਧਰੀ ਧਰਨਾ
- ਸਰਕਾਰੀ ਵਿਭਾਗਾਂ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰੇ ਸਰਕਾਰ-ਮੋਰਚਾ ਆਗੂ
ਦਿੜ੍ਹਬਾ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਚੋਣ ਹਲਕੇ ਦੇ ਸ਼ਹਿਰ ਦਿੜ੍ਹਬਾ ਸਥਿਤ ਲਹਿਰਾ ਚੌਂਕ ਨੂੰ ਮੁਕੰਮਲ ਜਾਮ ਕਰਕੇ ਦਿੱਤੇ ਸੂਬਾ ਪੱਧਰੀ ਧਰਨੇ ਦੌਰਾਨ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਕੀਤੀ ਮੰਗ।
ਇਸ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਸ਼ੇਰ ਸਿੰਘ ਖੰਨਾ,ਰੇਸ਼ਮ ਸਿੰਘ ਗਿੱਲ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਗੁਰਵਿੰਦਰ ਸਿੰਘ ਕਾਹਲੋ,ਹਮੀਰ ਸਿੰਘ ਭੀਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣੇ ਕਾਰਜ਼ਕਾਲ ਦੇ ਅਤਿੰਮ ਸਮੇਂ ਤੱਕ ਪੁੱਜ ਚੁੱਕੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਲਈ ਨਵਾਂ ਕਾਨੂੰਨ ਬਣਾਉਣ ਉਪਰੰਤ ਵੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਨਹੀਂ ਕੀਤਾ ਜਾ ਰਿਹਾ।
ਜਿਸ ਦੇ ਵਿਰੋਧ ਵਜੋਂ ਅੱਜ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੜ੍ਹਬਾ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਹੈ,ਧਰਨੇ ਉਪਰੰਤ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਨਵੇਂ ਬਣਾਏ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਸਮੂਹ ਕੈਟਾਗਿਰੀਆਂ ਨੂੰ ਕਾਨੂੰਨ ਵਿੱਚ ਸ਼ਾਮਿਲ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ,ਇਨਲਿਸਟਮੈਂਟ,ਸੋਸਾਇਟੀਆਂ,ਕੰਪਨੀਆਂ,ਠੇਕਾਦਾਰਾਂ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਸੇਵਾਂਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ਅਤੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ,ਵਿਦਿਆਰਥੀਆਂ, ਬੇਰੁਜਗਾਰ ਨੌਜਵਾਨਾਂ ਸਮੇਤ ਹੋਰ ਸਮੂਹ ਸੰਘਰਸ਼ਸ਼ੀਲ ਤਬਕਿਆਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਤੌਰ ਤੇ ਪ੍ਰਵਾਨ ਕੀਤਾ ਜਾਵੇ,ਇਸ ਸਮੇਂ ਹਾਜ਼ਿਰ ਬੀਕੇਯੂ ਉਗਰਾਹਾਂ ਸੁਨਾਮ ਬਲਾਕ ਆਗੂ ਸੁਖਪਾਲ ਸਿੰਘ ਮਾਣਕ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ,ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ ਗਰੁੱਪ) ਤੋਂ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ,ਪੈਨਸ਼ਨਰਜ਼ ਐਸੋਸੀਏਸ਼ਨ ਬਿਜਲੀ ਬੋਰਡ ਤੋਂ ਰਾਜਿੰਦਰ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਬਿਜਲੀ,ਪਾਣੀ,ਸਿਹਤ, ਸਿੱਖਿਆ ਅਤੇ ਟਰਾਂਪੋਰਟ ਆਦਿ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ।




