BREAKING- ਸੰਸਦ ਮੈਂਬਰ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 6 ਨਵੰਬਰ 2026: ਜੰਮੂ-ਕਸ਼ਮੀਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ੍ਰੀਨਗਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਆਗਾ ਸਈਦ ਰੂਹੁੱਲਾ ਮਹਿਦੀ ਦਾ ਅਸਤੀਫ਼ਾ ਲੋਕ ਸਭਾ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਨਾਲ ਉਨ੍ਹਾਂ ਦੀ ਸੰਸਦੀ ਮੈਂਬਰਸ਼ਿਪ ਖ਼ਤਮ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਆਗਾ ਸਈਦ ਰੂਹੁੱਲਾ ਮਹਿਦੀ ਨੇ ਬੀਤੀ 3 ਨਵੰਬਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੇ ਨਾਲ-ਨਾਲ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (ਜੇਕੇਐੱਨਸੀ) ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਇਸ ਫ਼ੈਸਲੇ ਨੇ ਜੰਮੂ-ਕਸ਼ਮੀਰ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਸੀ।
ਅੱਜ ਲੋਕ ਸਭਾ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਇਸ ਸਬੰਧੀ ਸਥਿਤੀ ਸਪੱਸ਼ਟ ਹੋ ਗਈ ਹੈ। ਰੂਹੁੱਲਾ ਮਹਿਦੀ ਸ੍ਰੀਨਗਰ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਸਨ।
ਉਨ੍ਹਾਂ ਵੱਲੋਂ ਸੰਸਦ ਅਤੇ ਪਾਰਟੀ ਦੋਵਾਂ ਤੋਂ ਇੱਕੋ ਸਮੇਂ ਅਸਤੀਫ਼ਾ ਦੇਣ ਦੇ ਫ਼ੈਸਲੇ ਨੂੰ ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਿਆਸੀ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ?




