25 ਦਿਨਾਂ ਬਾਅਦ ਪਰਵਿੰਦਰ ਝੋਟਾ ਦਾ ਹੋਵੇਗਾ ਅੰਤਿਮ ਸਸਕਾਰ, 7 ਨਵੰਬਰ ਨੂੰ ਜੱਦੀ ਖੇਤ ’ਚ ਦਿੱਤੀ ਜਾਵੇਗੀ ਅੰਤਿਮ ਵਿਦਾਈ
ਮਾਨਸਾ, 6 ਨਵੰਬਰ 2026: ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ 7 ਨਵੰਬਰ ਨੂੰ ਬਾਅਦ ਦੁਪਹਿਰ 1 ਵਜੇ ਮਾਨਸਾ ਦੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ’ਤੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਤੋਂ 25 ਦਿਨ ਬਾਅਦ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਅੰਤਿਮ ਰਸਮਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਦਿਨ-ਦਿਹਾੜੇ ਇੱਕ ਮੈਡੀਕਲ ਵਿਕਰੇਤਾ ਵੱਲੋਂ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਵਿੱਚ ਰੱਖੀ ਗਈ ਸੀ ਅਤੇ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਤਿੰਨਕੋਨੀ ਨੇੜੇ ਧਰਨਾ ਲਗਾਇਆ ਗਿਆ ਸੀ।
ਪੰਜਾਬ ਸਰਕਾਰ ਦੇ ਦੋ ਮੰਤਰੀਆਂ ਅਤੇ ਐਕਸ਼ਨ ਕਮੇਟੀ ਵਿਚਾਲੇ ਮੰਗਾਂ ਸਬੰਧੀ ਹੋਏ ਸਮਝੌਤੇ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ। ਹੁਣ ਅੰਤਿਮ ਸਸਕਾਰ ਲਈ ਜੱਦੀ ਖੇਤ ਵਿੱਚ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਝੋਟਾ ਦੇ ਸਾਥੀ ਇੰਦਰਜੀਤ ਸਿੰਘ ਮੁਨਸ਼ੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਯਾਤਰਾ ਤੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੰਕਲਪ ਲੈ ਕੇ ਜਾਣ।




