- 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ, ਰਾਹੁਲ ਤੋਂ ਬਾਅਦ ਹੁਣ ਪ੍ਰਿਯੰਕਾ ਗਾਂਧੀ ਆਉਣਗੇ ਪੰਜਾਬ ਦੌਰੇ ’ਤੇ
ਚੰਡੀਗੜ੍ਹ, 7 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਰਾਹੁਲ ਗਾਂਧੀ ਦੀ ਸੰਗਰੂਰ ਵਿੱਚ ਹੋਈ ‘ਇਨਸਾਫ਼ ਰੈਲੀ’ ਤੋਂ ਬਾਅਦ ਹੁਣ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਵੀ ਪੰਜਾਬ ਦਾ ਦੌਰਾ ਕਰਨਗੇ। ਉਹ ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਹਾਲਾਂਕਿ, ਇਸ ਲਈ ਅਜੇ ਤੱਕ ਤਾਰੀਖ਼ ਅਤੇ ਸਥਾਨ ਤੈਅ ਕੀਤੇ ਜਾ ਰਹੇ ਹਨ।
ਪਾਰਟੀ ਸੂਤਰਾਂ ਅਨੁਸਾਰ, ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਪ੍ਰਿਯੰਕਾ ਗਾਂਧੀ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਦੌਰੇ ਪਿੱਛੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਰਣਨੀਤੀ ਮੰਨੀ ਜਾ ਰਹੀ ਹੈ। ਪਾਇਲਟ ਚਾਹੁੰਦੇ ਹਨ ਕਿ ਕੇਂਦਰੀ ਆਗੂ ਲਗਾਤਾਰ ਪੰਜਾਬ ਆਉਂਦੇ ਰਹਿਣ, ਤਾਂ ਜੋ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਵੀ ਇੱਕ ਮੰਚ ’ਤੇ ਨਜ਼ਰ ਆਉਣ। ਦੱਸਿਆ ਜਾ ਰਿਹਾ ਹੈ ਕਿ ਸਚਿਨ ਪਾਇਲਟ ਨੇ ਪ੍ਰਿਯੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਅਪੀਲ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰੀ ਦੇ ਦਿੱਤੀ ਹੈ। ਨਵੰਬਰ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਵੀ ਉਨ੍ਹਾਂ ਦੇ ਕਈ ਪ੍ਰੋਗਰਾਮ ਹਨ, ਇਸ ਲਈ ਉਹ ਉੱਥੋਂ ਸਮਾਂ ਕੱਢ ਕੇ ਪੰਜਾਬ ਪਹੁੰਚਣਗੇ।
ਕਾਂਗਰਸ ਜਲਦ ਐਲਾਨ ਸਕਦੀ ਹੈ ਉਮੀਦਵਾਰ
ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਕਾਂਗਰਸ ਨੇ ਵੀ ਆਪਣੀ ਚੋਣ ਤਿਆਰੀ ਤੇਜ਼ ਕਰ ਦਿੱਤੀ ਹੈ। ਪਾਰਟੀ ਹਾਈਕਮਾਨ ਦੀ ਰਣਨੀਤੀ ਹੈ ਕਿ ਉਮੀਦਵਾਰਾਂ ਦੇ ਨਾਂ ਸਮੇਂ ਤੋਂ ਪਹਿਲਾਂ ਐਲਾਨੇ ਜਾਣ, ਤਾਂ ਜੋ ਉਨ੍ਹਾਂ ਨੂੰ ਆਪਣੇ ਹਲਕਿਆਂ ਵਿੱਚ ਪ੍ਰਚਾਰ ਅਤੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਵਧੇਰੇ ਸਮਾਂ ਮਿਲ ਸਕੇ।
50 ਸੀਟਾਂ ’ਤੇ ਸੰਭਾਵੀ ਉਮੀਦਵਾਰਾਂ ਬਾਰੇ ਹੋਈ ਚਰਚਾ
1 ਨਵੰਬਰ ਨੂੰ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਲਗਭਗ 50 ਵਿਧਾਨ ਸਭਾ ਸੀਟਾਂ ’ਤੇ ਸੰਭਾਵੀ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਹਾਲਾਂਕਿ ਕਿਸੇ ਵੀ ਨਾਂ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਜਿੱਤ ਦੀ ਸੰਭਾਵਨਾ ਜਾਣਨ ਲਈ ਨਵਾਂ ਸਰਵੇਖਣ
ਕਾਂਗਰਸ ਹਾਈਕਮਾਨ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਮੁਲਾਂਕਣ ਕਰਨ ਲਈ ਨਵਾਂ ਸਰਵੇਖਣ ਵੀ ਸ਼ੁਰੂ ਕਰਵਾਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਪਾਰਟੀ ਕੋਲ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਿਸੇ ਵੀ ਸਮੇਂ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ।





