- ਦਿ ਗ੍ਰੇਟ ਖਲੀ ਨੇ ਮਾਨਸਾ ਪਹੁੰਚ ਕੇ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਦੁੱਖ ਸਾਂਝਾ ਕੀਤਾ
ਚੰਡੀਗੜ੍ਹ, 7 ਨਵੰਬਰ (ਦੇਸ਼ ਕਲਿੱਕ ਬਿਊਰੋ): ਵਿਸ਼ਵ ਪ੍ਰਸਿੱਧ ਰੈਸਲਰ ਦਿ ਗ੍ਰੇਟ ਖਲੀ ਨੇ ਮਾਨਸਾ ਪਹੁੰਚ ਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਡੂੰਘੀਆਂ ਸੰਵੇਦਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਝੋਟਾ ਦੀ ਹੱਤਿਆ ਨਾਲ ਪੂਰੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।
ਪਰਿਵਾਰ ਨੂੰ ਦਿਲਾਸਾ ਦਿੰਦਿਆਂ ਖਲੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਅਜਿਹੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ।
ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਖਲੀ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ ਅਤੇ ਕਿਹਾ ਕਿ ਸਮਾਜ ਤੇ ਪੰਜਾਬ ਲਈ ਝੋਟਾ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ 13 ਅਕਤੂਬਰ ਤੋਂ ਮਾਨਸਾ ਵਿੱਚ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਕਈ ਨਾਮੀ ਹਸਤੀਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।





