ਪਰਵਿੰਦਰ ਝੋਟਾ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਿਤਾ ਬੋਲੇ- ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਦਾ ਲੈਣ ਪ੍ਰਣ
ਚੰਡੀਗੜ੍ਹ, 8 ਨਵੰਬਰ : ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 25 ਦਿਨ ਬਾਅਦ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪੀਜੀਆਈ (PGIMER) ਵਿੱਚ ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੀਜੀਆਈ ਦੀ ਮੁਰਦਾਘਰ ਵਿੱਚ ਰੱਖਿਆ ਗਿਆ। ਪਰਿਵਾਰ ਦੇ ਫ਼ੈਸਲੇ ਅਨੁਸਾਰ ਅੱਜ ਐਤਵਾਰ ਸਵੇਰੇ ਉਨ੍ਹਾਂ ਦੀ ਦੇਹ ਮਾਨਸਾ ਲਿਜਾਈ ਜਾਵੇਗੀ, ਜਿੱਥੇ ਦੁਪਹਿਰ 12 ਤੋਂ 1 ਵਜੇ ਦਰਮਿਆਨ ਅੰਤਿਮ ਸਸਕਾਰ ਕੀਤਾ ਜਾਵੇਗਾ।
ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਅੰਤਿਮ ਸਸਕਾਰ ਦੀਵਾਲੀ ਵਾਲੇ ਦਿਨ ਕਰਨ ਦਾ ਫ਼ੈਸਲਾ ਇਸ ਉਮੀਦ ਨਾਲ ਲਿਆ ਗਿਆ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਮ੍ਰਿਤਕ ਦੇਹ ਨੂੰ ਘਰ ਲਿਜਾਇਆ ਜਾਵੇਗਾ।
ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਦੇ ਮੈਂਬਰ ਰਾਜੂ ਦਰਸ਼ਾ ਨੇ ਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਰੀ ਉਮਰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ’ਤੇ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਹੋਈ ਬਹਿਸ ਦੌਰਾਨ ਮੁਲਜ਼ਮ ਨੇ ਗੋਲੀ ਚਲਾਈ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ।





