ਵੱਡੀ ਖ਼ਬਰ: ਜਾਪਾਨ ’ਚ 5.7 ਤੀਬਰਤਾ ਦਾ ਭੂਚਾਲ, ਖਿੜਕੀਆਂ ਦੇ ਸ਼ੀਸ਼ੇ ਟੁੱਟੇ; ਭਗਦੜ ਦੌਰਾਨ 22 ਲੋਕ ਜ਼ਖ਼ਮੀ
ਟੋਕੀਓ 8 ਨਵੰਬਰ 2026:
ਜਾਪਾਨ ਵਿੱਚ ਐਤਵਾਰ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਮੱਧ ਜਾਪਾਨ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਜਾਪਾਨ ਮੌਸਮ ਵਿਗਿਆਨ ਏਜੰਸੀ (JMA) ਨੇ ਰਿਕਟਰ ਪੈਮਾਨੇ ’ਤੇ 5.7 ਦਰਜ ਕੀਤੀ ਹੈ, ਜਦਕਿ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਇਸ ਦੀ ਤੀਬਰਤਾ 5.5 ਸੀ।
ਭੂਚਾਲ ਦੇ ਝਟਕੇ ਇੰਨੇ ਜ਼ੋਰਦਾਰ ਸਨ ਕਿ ਕਈ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਆਪਣੀ ਜਾਨ ਬਚਾਉਣ ਲਈ ਲੋਕ ਘਰਾਂ, ਦਫ਼ਤਰਾਂ ਅਤੇ ਹੋਰ ਇਮਾਰਤਾਂ ਵਿੱਚੋਂ ਬਾਹਰ ਨਿਕਲਣ ਲੱਗੇ। ਇਸ ਦੌਰਾਨ ਮਚੀ ਭਗਦੜ ਅਤੇ ਹਫੜਾ-ਦਫੜੀ ਕਾਰਨ 22 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਭੂਚਾਲ ਤੋਂ ਬਾਅਦ ਕਈ ਵਾਰ ਹਲਕੇ ਝਟਕੇ ਵੀ ਮਹਿਸੂਸ ਕੀਤੇ ਗਏ, ਜਿਨ੍ਹਾਂ ਨੂੰ ਆਫਟਰਸ਼ੌਕਸ ਕਿਹਾ ਜਾਂਦਾ ਹੈ। ਇਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਹਾਲਾਂਕਿ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਫਿਰ ਵੀ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸਥਿਤੀ ’ਤੇ ਨਜ਼ਰ ਰੱਖ ਰਹੀਆਂ ਹਨ। ਜਾਪਾਨ ਵਿੱਚ ਭੂਚਾਲਾਂ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਉੱਥੇ ਲੋਕਾਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਿਖਲਾਈ ਵੀ ਦਿੱਤੀ ਜਾਂਦੀ ਹੈ।





