ਪਰਵਿੰਦਰ ਝੋਟਾ ਮਾਮਲਾ: ਕੈਮਿਸਟਾਂ ਨੇ ਸਮੱਸਿਆਵਾਂ ਸਰਕਾਰ ਅੱਗੇ ਰੱਖਣ ਦਾ ਲਿਆ ਫੈਸਲਾ, ਜਲਦ ਹੋਵੇਗੀ ਮੀਟਿੰਗ
ਚੰਡੀਗੜ੍ਹ 9 ਨਵੰਬਰ 2026
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੈਮਿਸਟ ਐਸੋਸੀਏਸ਼ਨ ਵਿਚਾਲੇ ਗੱਲਬਾਤ ਦਾ ਰਾਹ ਖੁੱਲ੍ਹ ਗਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਪੱਤਰ ਲਿਖ ਕੇ ਮੀਟਿੰਗ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਦੇ ਜਵਾਬ ਵਿੱਚ ਸਰਕਾਰ ਨੇ ਮੀਟਿੰਗ ਕਰਕੇ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਦਾ ਭਰੋਸਾ ਦਿੱਤਾ ਹੈ।
ਸੁਰਿੰਦਰ ਦੁੱਗਲ ਨੇ ਕਿਹਾ ਕਿ ਝੋਟਾ ਮਾਮਲੇ ਵਿੱਚ ਗੋਲੀਕਾਂਡ ਦੀ ਘਟਨਾ ਤੋਂ ਬਾਅਦ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਂ ’ਤੇ ਕੈਮਿਸਟਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਪ੍ਰਤੀ ਗਲਤ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਬੰਧਤ ਕੈਮਿਸਟ ਨੂੰ ਉਸ ਦੀ ਗਲਤੀ ਦੀ ਸਜ਼ਾ ਮਿਲ ਚੁੱਕੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਕੈਮਿਸਟ ਐਸੋਸੀਏਸ਼ਨ ਨਸ਼ਿਆਂ ਵਿਰੁੱਧ ਸਰਕਾਰ ਦੀ ਹਰ ਕਾਰਵਾਈ ਵਿੱਚ ਸਹਿਯੋਗ ਦੇਣ ਲਈ ਤਿਆਰ ਹੈ, ਪਰ ਕੈਮਿਸਟਾਂ ਨਾਲ ਕੀਤੇ ਜਾ ਰਹੇ ਵਿਹਾਰ ਨੂੰ ਐਸੋਸੀਏਸ਼ਨ ਨਿੰਦਣਯੋਗ ਮੰਨਦੀ ਹੈ।
ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀ ਮੀਟਿੰਗ ਦੌਰਾਨ ਕੈਮਿਸਟਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਸਾਹਮਣੇ ਰੱਖੀਆਂ ਜਾਣਗੀਆਂ ਅਤੇ ਸਰਕਾਰ ਇਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇਗੀ।





