ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 63% DA ਜਾਰੀ ਕਰੇ ਪੰਜਾਬ ਸਰਕਾਰ: ਯੂਨੀਅਨ ਆਗੂ

Top Trending News ਪੰਜਾਬ

 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 63% DA ਜਾਰੀ ਕਰੇ ਪੰਜਾਬ ਸਰਕਾਰ: ਯੂਨੀਅਨ ਆਗੂ

ਪਠਾਨਕੋਟ 9 ਨਵੰਬਰ 2026

ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਵਿਰੁੱਧ ਰੋਸ ਪ੍ਰਗਟਾਇਆ ਗਿਆ।

ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਹਾਈਕੋਰਟ ਦੀ ਡਬਲ ਬੈਂਚ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 63 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਇਸ ਸਮੇਂ 53 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਦਕਿ ਕੇਂਦਰੀ ਮੁਲਾਜ਼ਮਾਂ ਨੂੰ 63 ਫ਼ੀਸਦੀ ਦਿੱਤਾ ਜਾ ਰਿਹਾ ਹੈ।

ਆਗੂਆਂ ਨੇ ਪੇਅ ਕਮਿਸ਼ਨ ਦੇ ਬਕਾਏ ਇਕਮੁਸ਼ਤ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 10 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਦੇਣ ਅਤੇ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ 26 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦੇਣ ਅਤੇ ਰੈਗੂਲਰ ਕਰਨ ਲਈ ਨੀਤੀ ਬਣਾਉਣ ਦੀ ਮੰਗ ਵੀ ਉਠਾਈ।

ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਦੇ ਹੱਕ ਵਿੱਚ ਸਾਂਝਾ ਮੰਚ ਪੰਜਾਬ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਯੂਨੀਅਨ ਮੈਂਬਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਨਿਰਮਲ ਸਿੰਘ, ਸੰਦੀਪ ਸਿੰਘ, ਨਰਿੰਦਰ ਸਿੰਘ, ਸਤਿੰਦਰ ਕੁਮਾਰ, ਪਿਆਰ ਸਿੰਘ ਅਤੇ ਪਵਨ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ।