ਦਿੱਲੀ ਦੀ ਹਵਾ ਪ੍ਰਦੂਸ਼ਣ ਨੂੰ ਲੈ ਕੇ ‘ਆਪ’ ਦਾ ਸਰਕਾਰ ’ਤੇ ਹਮਲਾ, ਸੌਰਭ ਭਾਰਦਵਾਜ ਬੋਲੇ- AQI ਦੇ ਅੰਕੜਿਆਂ ਨਾਲ ਹੋ ਰਹੀ ਹੈ ਧੋਖਾਧੜੀ
ਨਵੀਂ ਦਿੱਲੀ, 9 ਨਵੰਬਰ 2026: ਦਿੱਲੀ ਵਿੱਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਰਕਾਰ ਨੂੰ ਘੇਰਿਆ ਹੈ। ‘ਆਪ’ ਦੀ ਦਿੱਲੀ ਇਕਾਈ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਹੈ ਕਿ ਸਰਕਾਰ ਵੱਲੋਂ ਹਵਾ ਦੀ ਗੁਣਵੱਤਾ ਸਬੰਧੀ ਜਾਰੀ ਕੀਤੇ ਜਾ ਰਹੇ ਅੰਕੜੇ ਹਕੀਕਤ ਤੋਂ ਵੱਖਰੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਵੀ ਖੁਲਾਸਾ ਕਰ ਚੁੱਕੀ ਹੈ ਕਿ ਕਈ ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨ ਬੰਦ ਕੀਤੇ ਗਏ ਅਤੇ ਲਗਭਗ 20 ਏਅਰ ਕੁਆਲਿਟੀ ਇੰਡੈਕਸ (AQI) ਸਟੇਸ਼ਨ ਦੂਰ-ਦੁਰਾਡੇ ਇਲਾਕਿਆਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੁਝ ਸਟੇਸ਼ਨਾਂ ’ਤੇ ਪਾਣੀ ਦਾ ਛਿੜਕਾਅ ਕਰਕੇ ਅੰਕੜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਬੀਤੀ ਰਾਤ ਦਿੱਲੀ ਦੇ ਕਈ ਇਲਾਕਿਆਂ ਵਿੱਚ AQI ਦਾ ਪੱਧਰ 3000 ਤੋਂ ਪਾਰ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਗਲਤ ਅੰਕੜੇ ਪੇਸ਼ ਕਰਦੀ ਹੈ ਤਾਂ ਇਹ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਖਿਲਵਾੜ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਬਾਰੇ ਪਾਰਦਰਸ਼ੀ ਅਤੇ ਸਹੀ ਜਾਣਕਾਰੀ ਜਨਤਾ ਸਾਹਮਣੇ ਰੱਖੀ ਜਾਵੇ।





