ਦੀਵਾਲੀ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ: ਕਾਰ ਨਦੀ ’ਚ ਡਿੱਗਣ ਕਾਰਨ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ
ਗਰੀਆਬੰਦ (ਛੱਤੀਸਗੜ੍ਹ), 9 ਨਵੰਬਰ 2026: ਦੀਵਾਲੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਘਰ ਪਰਤ ਰਹੇ ਇੱਕ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਦੇ ਰਾਜਿਮ ਇਲਾਕੇ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਟਿਲਾ ਐਨੀਕਟ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਸ਼ੀਤਲ ਸਾਹੂ, ਉਨ੍ਹਾਂ ਦੀ ਪਤਨੀ ਭਾਰਤੀ ਅਤੇ ਦੋ ਬੱਚਿਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਰਾਏਪੁਰ ਵਿੱਚ ਦੀਵਾਲੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਆਪਣੇ ਜੱਦੀ ਪਿੰਡ ਪਸੂਦ ਵਾਪਸ ਜਾ ਰਿਹਾ ਸੀ।
ਇਸ ਦੌਰਾਨ ਪਿੰਡ ਤੋਂ ਮਹਿਜ਼ ਤਿੰਨ ਕਿਲੋਮੀਟਰ ਪਹਿਲਾਂ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਐਨੀਕਟ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਚਾਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ।
ਪੁਲਿਸ ਵੱਲੋਂ ਲਾਸ਼ਾਂ ਨੂੰ ਅਗਲੀ ਕਾਰਵਾਈ ਲਈ ਭੇਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।





