ਚੰਡੀਗੜ੍ਹ ’ਚ 13 ਤੋਂ 15 ਨਵੰਬਰ ਤੱਕ ਸਜੇਗਾ 10ਵਾਂ ਮਿਲਟਰੀ ਲਿਟਰੇਚਰ ਫੈਸਟੀਵਲ, ਨੌਜਵਾਨਾਂ ਨੂੰ ਫੌਜ ਨਾਲ ਜੋੜਨ ’ਤੇ ਰਹੇਗਾ ਵਿਸ਼ੇਸ਼ ਫੋਕਸ
ਚੰਡੀਗੜ੍ਹ, 9 ਨਵੰਬਰ 2026: ਪੰਜਾਬ ਦੇ ਨੌਜਵਾਨਾਂ ਵਿੱਚ ਫੌਜ ਅਤੇ ਦੇਸ਼ ਦੀ ਸੇਵਾ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ 10ਵਾਂ ਮਿਲਟਰੀ ਲਿਟਰੇਚਰ ਫੈਸਟੀਵਲ 13 ਤੋਂ 15 ਨਵੰਬਰ ਤੱਕ ਚੰਡੀਗੜ੍ਹ ਦੇ ਲੇਕ ਕਲੱਬ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਲੈਫਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ (ਸੇਵਾਮੁਕਤ) ਨੇ ਸਮਾਗਮ ਦੀਆਂ ਤਿਆਰੀਆਂ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਸਾਲ 2017 ਵਿੱਚ ਸ਼ੁਰੂ ਹੋਏ ਇਸ ਫੈਸਟੀਵਲ ਦਾ ਇਹ ਦਸਵਾਂ ਐਡੀਸ਼ਨ ਹੈ। ਇਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਫੌਜ ਦੇ ਇਤਿਹਾਸ, ਸੈਨਿਕ ਪਰੰਪਰਾਵਾਂ ਅਤੇ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕਿਆਂ ਤੋਂ ਜਾਣੂ ਕਰਵਾਉਣਾ ਹੈ।
ਸ਼ੇਰਗਿੱਲ ਨੇ ਕਿਹਾ ਕਿ ਨੌਜਵਾਨਾਂ ਤੱਕ ਪਹੁੰਚ ਬਣਾਉਣ ਲਈ ਪੰਜਾਬ ਯੂਨੀਵਰਸਿਟੀ, ਖਾਲਸਾ ਕਾਲਜ ਅੰਮ੍ਰਿਤਸਰ ਸਮੇਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਅਨੁਸਾਰ, ਬਦਲਦੇ ਤਕਨੀਕੀ ਦੌਰ ਵਿੱਚ ਰੱਖਿਆ ਖੇਤਰ ਅੰਦਰ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਆਧੁਨਿਕ ਸੈਨਿਕ ਪ੍ਰਣਾਲੀਆਂ ਬਾਰੇ ਵੀ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਤਿੰਨ ਰੋਜ਼ਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਿੱਸਾ ਲੈਣਗੇ ਅਤੇ ਦੇਸ਼ ਸੇਵਾ ਲਈ ਪ੍ਰੇਰਿਤ ਹੋਣਗੇ।





